ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਰਾਟੀਆ ਨੇ ਪਹਿਲਵਾਨ ਬਾਬਾ ਮੱਘਾ ਬੱਲਪਰੀਆਂ ਨੂੰ ਕੀਤਾ ਸਨਮਾਨਿਤ
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਬੱਡੀ ਦੇ ਬੇਤਾਜ਼ ਬਾਦਸ਼ਾਹ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਹਿਲਵਾਨ ਬਾਬਾ ਕੁਲਵੰਤ
Publish Date: Sun, 19 Apr 2026 04:26 PM (IST)
Updated Date: Sun, 19 Apr 2026 04:30 PM (IST)

ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਬੱਡੀ ਦੇ ਬੇਤਾਜ਼ ਬਾਦਸ਼ਾਹ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਹਿਲਵਾਨ ਬਾਬਾ ਕੁਲਵੰਤ ਸਿੰਘ ਮੱਘਾ ਬੱਲਪਰੀਆਂ ਨੂੰ ਸਮਾਜ ਸੇਵਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਕਬੱਡੀ ਮਾਂ ਖੇਡ ਨਾਲ ਜੋੜਨ ਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ‘ਨਸ਼ਾ ਮੁਕਤ ਪੰਜਾਬ’ ਸੰਕਲਪ ਸਮਾਰੋਹ 2026 ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਾਬਾ ਮੱਘਾ ਬੱਲਪਰੀਆਂ ਜੀ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਅਜਿਹੀਆਂ ਸ਼ਖ਼ਸੀਅਤਾਂ ਸਮਾਜ ਲਈ ਪ੍ਰੇਰਣਾ ਸਰੋਤ ਹੁੰਦੀਆਂ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰਦੀਆਂ ਹਨ। ਪਹਿਲਵਾਨ ਬਾਬਾ ਮੱਘਾ ਬੱਲਪਰੀਆਂ ਵੱਲੋਂ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਬਚਾਉਣ ਲਈ ਲੰਮੇ ਸਮੇਂ ਤੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਹਜ਼ਾਰਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਉਣ ਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿੱਚ ਵੀ ਵੱਖਰੀ ਪਹਿਚਾਣ ਬਣਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹਰਤੇਜ ਹਸਪਤਾਲ ਨੇੜੇ ਏਅਰਪੋਰਟ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜਦੋਂ ਨਸ਼ੇ ਵਿੱਚ ਧੁੱਤ ਕਾਰ ਚਾਲਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦਿੱਤੀ ਸੀ, ਤਾਂ ਬਾਬਾ ਮੱਘਾ ਬੱਲਪਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਸਨ। 108 ਐਂਬੂਲੈਂਸ ਦੇ ਲੇਟ ਪਹੁੰਚਣ ਦੇ ਬਾਵਜੂਦ ਬਾਬਾ ਮੱਘਾ ਨੇ ਆਪਣੇ ਸਾਥੀਆਂ ਜੱਸਾ ਅੰਨਗੜ੍ਹ, ਬਾਪੂ ਸੰਤਾ ਸਿੰਘ, ਜੱਥੇਦਾਰ ਰਾਜੂ ਸਿੰਘ, ਸਾਹਿਬ ਸਿੰਘ, ਠੇਕੇਦਾਰ ਸਾਹਿਬ ਅਤੇ ਏਅਰਫੋਰਸ ਦੇ ਮੁਲਾਜਮਾਂ ਦੇ ਸਹਿਯੋਗ ਨਾਲ ਜ਼ਖ਼ਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚਾ ਕੇ ਉਨ੍ਹਾਂ ਦੀਆਂ ਜਾਨਾਂ ਬਚਾਈਆਂ। ਉਨ੍ਹਾਂ ਦੀ ਬਹਾਦਰੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਦੇਖਦਿਆਂ ਪਹਿਲਾਂ ਵੀ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵੱਲੋਂ ਉਨ੍ਹਾਂ ਨੂੰ ਪੰਜ ਜਾਨਾਂ ਬਚਾਉਣ ਸਬੰਧੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਮਨੁੱਖੀ ਅਧਿਕਾਰ ਸੁਰੱਖਿਆ ਵੈਲਫੇਅਰ ਸੁਸਾਇਟੀ ਵੱਲੋਂ ਉਨ੍ਹਾਂ ਨੂੰ ਕੋਵਿਡ-19 ਦੌਰਾਨ ਕੀਤੀਆਂ ਵਿਸ਼ੇਸ਼ ਸੇਵਾਵਾਂ ਲਈ “ਕੋਵਿਡ-19 ਦਾ ਹੀਰੋ” ਪ੍ਰਸ਼ੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ ਇਹ ਵਿਸ਼ੇਸ਼ ਸਨਮਾਨ ਪਹਿਲਵਾਨ ਬਾਬਾ ਕੁਲਵੰਤ ਸਿੰਘ ਮੱਘਾ ਬੱਲਪਰੀਆਂ ਦੀਆਂ ਸਮਾਜ, ਖੇਡ ਅਤੇ ਮਨੁੱਖਤਾ ਲਈ ਕੀਤੀਆਂ ਸੇਵਾਵਾਂ ਦਾ ਵੱਡਾ ਮਾਣ ਹੈ। ਇਲਾਕੇ ਦੇ ਲੋਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਵੀ ਇਸ ਸਨਮਾਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਬਾਬਾ ਮੱਘਾ ਬੱਲਪਰੀਆਂ ਵਰਗੀਆਂ ਸ਼ਖ਼ਸੀਅਤਾਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ ਅਤੇ ਇਤਿਹਾਸ ਵਿਚ ਅਜਿਹੀਆਂ ਸ਼ਖ਼ਸੀਅਤਾਂ ਦਾ ਨਾਂ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ।