- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਪਾਲ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਾਕਤ ਉਸ ਦੀਆਂ ਮਾਨਵਤਾਵਾਦੀ ਕਦਰਾਂ-ਕੀਮਤਾਂ ਵਿਚ ਨਿਹਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿਰਸਵਾਰਥ ਭਾਵਨਾ ਨਾਲ ਕੀਤੀ ਗਈ ਸੇਵਾ ਹੀ ਸੱਚੀ ਸਮਾਜ ਸੇਵਾ ਹੈ ਅਤੇ ਲੋੜਵੰਦਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਇੱਕ ਮਹਾਨ ਕਾਰਜ ਹੈ।

ਅੰਮ੍ਰਿਤਸਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਨਿਊ ਅੰਮ੍ਰਿਤਸਰ ਵਿਖੇ ਭਾਰਤੀ ਵਿਦਿਆ ਭਵਨ ਵੱਲੋਂ ਸ਼ੁਰੂ ਕੀਤੇ ਗਏ ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼ ਤਹਿਤ ਮੋਬਾਈਲ ਸਿਹਤ ਸੰਭਾਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੋਬਾਈਲ ਸਿਹਤ ਸੇਵਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਸਿਹਤ ਅਤੇ ਦੰਦਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਵਿਦਿਆ ਭਵਨ ਦੀ ਇਸ ਲੋਕ-ਭਲਾਈ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਆਧੁਨਿਕ ਸਹੂਲਤਾਂ ਨਾਲ ਲੈਸ ਮੋਬਾਈਲ ਹੈਲਥ ਕੇਅਰ ਯੂਨਿਟ ਹੈ, ਜਿਸ ਵਿੱਚ ਆਮ ਸਿਹਤ ਜਾਂਚ ਅਤੇ ਦੰਦਾਂ ਦੇ ਇਲਾਜ ਦੀਆਂ ਸੁਵਿਧਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਤੱਕ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਜਿਨ੍ਹਾਂ ਦੀ ਉੱਚ ਪੱਧਰੀ ਸਿਹਤ ਸਹੂਲਤਾਂ ਤੱਕ ਪਹੁੰਚ ਸੀਮਤ ਹੈ।
ਰਾਜਪਾਲ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਾਕਤ ਉਸ ਦੀਆਂ ਮਾਨਵਤਾਵਾਦੀ ਕਦਰਾਂ-ਕੀਮਤਾਂ ਵਿਚ ਨਿਹਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿਰਸਵਾਰਥ ਭਾਵਨਾ ਨਾਲ ਕੀਤੀ ਗਈ ਸੇਵਾ ਹੀ ਸੱਚੀ ਸਮਾਜ ਸੇਵਾ ਹੈ ਅਤੇ ਲੋੜਵੰਦਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਇੱਕ ਮਹਾਨ ਕਾਰਜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆ ਭਵਨ ਵੱਲੋਂ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਬੇਹੱਦ ਸ਼ਲਾਘਾਯੋਗ ਹਨ ਅਤੇ ਇਹ ਮੋਬਾਈਲ ਸਿਹਤ ਸੇਵਾ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਜਿਹੀਆਂ ਸਮਾਜ ਸੇਵੀ ਪਹਿਲਕਦਮੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਭਵਨ ਆਸ਼ਰੇ ਵੱਲੋਂ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਹੋਮ ਅਤੇ ਮੈਂਟਲ ਡਿਸਏਬਿਲਟੀ ਸੈਂਟਰ ਵੀ ਸਫ਼ਲਤਾਪੂਰਵਕ ਚਲਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਰਾਜਪਾਲ ਨੇ ਭਵਨ ਆਸ਼ਰੇ ਵਿਖੇ ਚੱਲ ਰਹੇ ਸੀਨੀਅਰ ਸਿਟੀਜ਼ਨ ਹੋਮ ਅਤੇ ਮੈਂਟਲ ਡਿਸਏਬਿਲਟੀ ਸੈਂਟਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਲੋੜਵੰਦਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਭਾਰਤੀ ਵਿਦਿਆ ਭਵਨ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਦੱਸਿਆ ਕਿ ਮੋਬਾਈਲ ਸਿਹਤ ਸੰਭਾਲ ਸੇਵਾ ਲਈ ਸ਼ਹਿਰ ਵਿੱਚ ਤਿੰਨ ਥਾਵਾਂ ਦੀ ਚੋਣ ਕੀਤੀ ਗਈ ਹੈ। ਫੈਜ਼ਪੁਰਾ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਰਣਜੀਤ ਐਵੀਨਿਊ ਬਲਾਕ ਦੇ ਪਿੱਛੇ, ਗਲੀ ਬਾਂਕੇ ਬਿਹਾਰੀ ਟੀ-ਪੁਆਇੰਟ, ਪੰਨਾ ਮਿੱਲ, ਬਟਾਲਾ ਰੋਡ ਅਤੇ ਭਾਰਤੀ ਵਿਦਿਆ ਭਵਨ-2, ਗੇਟ ਨੰਬਰ-22 ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੋਕ ਮੁਫ਼ਤ ਸਿਹਤ ਜਾਂਚ ਅਤੇ ਦੰਦਾਂ ਦੇ ਇਲਾਜ ਦੀਆਂ ਸੇਵਾਵਾਂ ਦਾ ਲਾਭ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ ਭਾਰਤੀ ਵਿਦਿਆ ਭਵਨ ਵੱਲੋਂ ਅਜਨਾਲਾ ਦੇ ਮਾਛੀਵਾਲਾ ਸਕੂਲ ਦੀ ਹੜ੍ਹਾਂ ਕਾਰਨ ਨੁਕਸਾਨੀ ਗਈ ਇਮਾਰਤ ਨੂੰ ਲਗਭਗ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਅਤੇ ਮਾਨਵਤਾ ਦੀ ਭਲਾਈ ਲਈ ਨਿਰੰਤਰ ਕੰਮ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਜਾਰੀ ਰਹਿਣਗੀਆਂ।
ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਭਾਰਤੀ ਵਿਦਿਆ ਭਵਨ ਵੱਲੋਂ ਰਾਜਪਾਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਭਾਰਤੀ ਵਿਦਿਆ ਭਵਨ ਦੇ ਟਰੱਸਟੀ ਐੱਸ.ਐੱਨ. ਜੋਸ਼ੀ, ਡਾਇਰੈਕਟਰ ਡਾ. ਅਨੀਤਾ ਭੱਲਾ, ਅਨਿਲ ਸਿੰਗਲ, ਪ੍ਰਿੰਸੀਪਲ ਸੋਨੀਆ ਸਹਿਦੇਵ, ਅਸ਼ਵਨੀ ਮਲਹੋਤਰਾ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ, ਐਡੀਸ਼ਨਲ ਚੀਫ਼ ਸੈਕਟਰੀ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਸੰਸਥਾ ਦੇ ਅਹੁਦੇਦਾਰ, ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।