- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ - ਜਸਵੀਰ ਸਿੰਘ ਗੜ੍ਹੀ

-ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਦਿੱਤਾ ਭਰੋਸਾ
ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ ਐੱਸਪੀ ਰਿਜ਼ੋਰਟ ਵਿਚ ਕਰਵਾਏ ਗਏ ਕਮਿਸ਼ਨ ਵਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਪੰਜਾਬ ਐੱਸਸੀ ਕਮਿਸ਼ਨ ਦੇ ਵਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਕਮਿਸ਼ਨ ਵਲੰਟੀਅਰ ਲੋਕ ਮਿਲਣੀ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ 11 ਅਤੇ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਤੋਂ ਐੱਸਸੀ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਵਿਚ ਵਲੰਟੀਅਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਸਮਾਗਮ ਵਿਚ ਪਹੁੰਚਣ ’ਤੇ ਵਾਲੰਟੀਅਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਤਰਜੀਹ ਦੇ ਆਧਾਰ ੱਤੇ ਹੱਲ ਕਰਨ ਦਾ ਭਰੋਸਾ ਦਿੱਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ ’ਤੇ ਸਮੇਂ ਸਿਰ ਇਨਸਾਫ਼ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਹਰ ਸਾਲ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿਚ ਕਈ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ। ਇਨ੍ਹਾਂ ਮਾਮਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿਚ ਕਾਨੂੰਨੀ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਗਰੀਬ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਵਿੱਚ ਕਮੀ ਆਵੇਗੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਕਮਿਸ਼ਨ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪੂਰੀ ਗੰਭੀਰਤਾ ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਦਿਵਾਉਣ ਲਈ ਕੰਮ ਕਰ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਐੱਸਸੀ/ਐੱਸਟੀ ਅਤਿਆਚਾਰ ਰੋਕਥਾਮ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਣੂ ਕਰਵਾਉਣ ਦੀ ਲੋੜ ੱਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਿਲ੍ਹਆਂ ਵਿਚ ਇਸ ਸਬੰਧੀ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਵਲੰਟੀਅਰ ਰਜਿੰਦਰ ਸਿੰਘ ਸੰਧੂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਐੱਸਸੀ ਕਮਿਸ਼ਨ ਦੇ ਸੀਨੀਅਰ ਵਲੰਟੀਅਰ ਰਜਿੰਦਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਐਡਵੋਕੇਟ ਅਜੈ ਸ਼ਰਮਾ, ਗੁਰਭੇਜ ਸਿੰਘ ਧੱਤਲ, ਦੀਪਕ ਸ਼ਰਮਾ, ਅਰੁਣ ਕੁਮਾਰ ਸ਼ਰਮਾ, ਚੇਅਰਮੈਨ ਗੋਪਾਲ ਸਿੰਘ ਗੋਪਾਲਾ ਅਤੇ ਹੋਰ ਅਨੇਕਾਂ ਵਾਲੰਟੀਅਰ ਹਾਜ਼ਰ ਸਨ।