- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਅਗਸਤ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮੁੜ ਮਹਿਲਾਵਾਂ ਦੇ ਖਾਤਿਆਂ ’ਚ ਆਵੇਗੀ ਸਨਮਾਨ ਰਾਸ਼ੀ

ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿਚ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਇਨਕਲਾਬੀ ਕਦਮ ਚੁੱਕ ਰਹੀ ਹੈ। ਉਹ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਸੂਬੇ ਦੀਆਂ ਔਰਤਾਂ ਹਰ ਮਹੀਨੇ ਕਰੀਬ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਲੈ ਰਹੀਆਂ ਹਨ, ਜੋ ਇਸ ਲੋਕ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਔਰਤਾਂ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ ਅਤੇ ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਸਤਾ ਅਤੇ ਸੁਖਾਲਾ ਸਫ਼ਰ ਉਪਲੱਬਧ ਹੋਣ ਨਾਲ ਔਰਤਾਂ ਵਿਚ ਆਤਮ-ਵਿਸ਼ਵਾਸ ਵਧਿਆ ਹੈ, ਜਿਸ ਨਾਲ ਉਹ ਨਵੇਂ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਅਤੇ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਹੋਰ ਵੱਧ ਸਰਗਰਮ ਭੂਮਿਕਾ ਨਿਭਾਉਣ ਦੇ ਯੋਗ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਵੀ ਸੂਬੇ ਦੀਆਂ ਮਹਿਲਾਵਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਅਨੁਸਾਰ ਪਹਿਲੀ ਅਗਸਤ ਨੂੰ ਇਕ ਵਾਰ ਫਿਰ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਨੇੜਿਓਂ ਸਮਝਦੀ ਹੈ ਅਤੇ ਇਸੇ ਸੋਚ ਤਹਿਤ ਲੋਕ ਭਲਾਈ ਨੂੰ ਸਮਰਪਿਤ ਕਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮੰਤਵ ਸੂਬੇ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਅਤੇ ਪੰਜਾਬ ਨੂੰ ਖੁਸ਼ਹਾਲ ਤੇ ਰੰਗਲਾ ਬਣਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।