ਆਪ੍ਰੇਸ਼ਨ ਪ੍ਰਹਾਰ ਤਹਿਤ ਸਰਹੱਦੀ ਇਲਾਕਿਆਂ ’ਚੋਂ 40 ਗੈਂਗਸਟਰ ਤੇ ਡਰੱਗ ਤਸਕਰ ਕਾਬੂ ਸਰਹੱਦੀ ਇਲਾਕਿਆਂ ’ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ:
Publish Date: Tue, 21 Jul 2026 04:29 PM (IST)
Updated Date: Wed, 22 Jul 2026 04:02 AM (IST)
-ਨੇਸ਼ਟਾ ਤੋਂ ਸਖ਼ਤ ਨਿਗਰਾਨੀ ਮੁਹਿੰਮ ਸ਼ੁਰੂ; ਪਾਕਿ ਡਰੋਨ ਤਸਕਰੀ ਦੀਆਂ ਕੋਸ਼ਿਸ਼ਾਂ ਫੇਲ੍ਹ -ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਰਹੇਗੀ ਜਾਰੀ : ਡੀਆਈਜੀ ਤਜਿੰਦਰ ਸਿੰਘ/ਗੁਰਨੇਕ ਪੰਨੂ, ਪੰਜਾਬੀ ਜਾਗਰਣ, ਅਟਾਰੀ/ਖਾਸਾ : ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਲੋਂ ਜਾਰੀ ਹੁਕਮਾਂ ਅਨੁਸਾਰ ਅਤੇ ਪੰਜਾਬ ਪੁਲਿਸ ਦੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਹਰਨਮਨਬੀਰ ਸਿੰਘ ਗਿੱਲ ਮਾਰਗਦਰਸ਼ਨ ਹੇਠ ਸਰਹੱਦੀ ਜ਼ਿਿਲ੍ਹਆਂ ਵਿਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਸਰਹੱਦ ਪਾਰ ਤੋਂ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸ਼ੁਰੂ ਕੀਤੇ ਗਏ ਵਿਸ਼ੇਸ਼ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪਹਿਲੇ ਹੀ ਦਿਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਡੀਆਈਜੀ ਦੀ ਯੋਗ ਅਗਵਾਈ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸੁਖਦੇਵ ਸਿੰਘ ਸਮੇਤ ਕਰੀਬ 40 ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸ਼ੱਕੀ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਗਿਆ। ਇਸ ਮੌਕੇ ਡੀਆਈਜੀ ਵੱਲੋਂ ਖੁਦ ਆਪਣੀ ਰਹਿਨੁਮਾਈ ਹੇਠ ਪਿੰਡ ਨੇਸ਼ਟਾ ਵਿਖੇ ਸ਼ੱਕੀ ਘਰਾਂ ਵਿਚ ਤਲਾਸ਼ੀ ਮੁਹਿੰਮ ਵੀ ਚਲਾਈ। ਪੁਲਿਸ ਵੱਲੋਂ ਆਪ੍ਰੇਸ਼ਨ ਦੇ ਪਹਿਲੇ ਪੜਾਅ ਲਈ ਸਰਹੱਦੀ ਪਿੰਡ ਨੇਸ਼ਟਾ ਨੂੰ ਚੁਣਿਆ ਗਿਆ, ਜਿੱਥੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਪੁਲਿਸ ਟੀਮਾਂ ਨੇ ਇੱਕੋ ਸਮੇਂ ਛਾਪੇਮਾਰੀ, ਤਲਾਸ਼ੀ ਮੁਹਿੰਮ ਤੇ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਇਸ ਕਾਰਵਾਈ ਨਾਲ ਸਰਹੱਦੀ ਖੇਤਰ ਵਿਚ ਹੜਕੰਪ ਮਚ ਗਿਆ ਤੇ ਅਪਰਾਧਕ ਅਨਸਰਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮੌਕੇ ਡੀਆਈਜੀ ਨੇ ਮੌਕੇ ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਸਿਰਫ ਇਕ ਦਿਨ ਦੀ ਕਾਰਵਾਈ ਨਹੀਂ ਸਗੋਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਲਗਾਤਾਰ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਵੱਲੋਂ ਮਿਲੇ ਖੂਫੀਆ ਇਨਪੁੱਟ ਅਤੇ ਲੋਕਾਂ ਤੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਨੇਸ਼ਟਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਹਾਟਸਪਾਟ ਵਜੋਂ ਚੋਣ ਕੀਤਾ ਗਿਆ ਸੀ ਜਿਸ ਕਾਰਨ ਮੁਹਿੰਮ ਦੀ ਸ਼ੁਰੂਆਤ ਇਥੋਂ ਕੀਤੀ ਗਈ। ਡੀਆਈਜੀ ਨੇ ਕਿਹਾ ਕਿ ਸਰਹੱਦ ਪਾਰ ਬੈਠੀ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਅਤੇ ਪਾਕਿਸਤਾਨੀ ਤਸਕਰ ਡਰੋਨਾਂ ਰਾਹੀਂ ਪੰਜਾਬ ਵਿਚ ਹੈਰੋਇਨ, ਹਥਿਆਰ ਅਤੇ ਗੋਲਾ-ਬਾਰੂਦ ਭੇਜ ਕੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਦੀਆਂ ਨਾਪਾਕ ਸਾਜ਼ਿਸ਼ਾਂ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ ਅਸਥਿਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਪਰ ਪੰਜਾਬ ਪੁਲਿਸ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਿਲ੍ਹਆਂ ਵਿਚ ਲਗਾਏ ਗਏ ਐਂਟੀ ਡਰੋਨ ਸਿਸਟਮ (ਏਡੀਐਸ) ਦੇ ਬਹੁਤ ਹੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਆਧੁਨਿਕ ਤਕਨੀਕੀ ਪ੍ਰਣਾਲੀਆਂ ਦੀ ਮਦਦ ਨਾਲ ਸਰਹੱਦ ਪਾਰ ਤੋਂ ਹੋਣ ਵਾਲੀਆਂ ਡਰੋਨ ਗਤੀਵਿਧੀਆਂ ’ਤੇ ਕਾਫ਼ੀ ਹੱਦ ਤੱਕ ਰੋਕ ਲਗਾਉਣ ਵਿਚ ਸਫ਼ਲਤਾ ਮਿਲੀ ਹੈ ਅਤੇ ਕਈ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਇਆ ਗਿਆ ਹੈ। ਡੀਆਈਜੀ ਨੇ ਇਹ ਵੀ ਖੁਲਾਸਾ ਕੀਤਾ ਕਿ ਝੋਨੇ ਦੀ ਫ਼ਸਲ ਵਿਚ ਪਾਣੀ ਭਰਨ ਦੇ ਮੌਸਮ ਦੌਰਾਨ ਪਾਕਿਸਤਾਨੀ ਤਸਕਰ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਡਰਾਪਿੰਗ ਘੱਟ ਕਰ ਦਿੰਦੇ ਹਨ, ਕਿਉਂਕਿ ਪਾਣੀ ਵਿਚ ਡਿੱਗਣ ਨਾਲ ਹੈਰੋਇਨ ਅਤੇ ਹਥਿਆਰ ਖ਼ਰਾਬ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਦੇ ਬਾਵਜੂਦ ਪੰਜਾਬ ਪੁਲਿਸ ਹਰ ਪਲ ਸਰਹੱਦ ’ਤੇ ਚੌਕਸ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਹਰਕਤ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ੀ ਨਾਲ ਜਾਰੀ ਰਹੇਗਾ ਅਤੇ ਪੰਜਾਬ ਦੇ ਹਰ ਉਸ ਖੇਤਰ ਵਿਚ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ ਜਿੱਥੇ ਨਸ਼ਾ ਤਸਕਰੀ, ਗੈਂਗਸਟਰਵਾਦ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਦੀ ਸੂਚਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮਕਸਦ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਅ ਕੇ ਸੁਰੱਖਿਅਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕਰਨਾ ਹੈ। ਅੰਤ ਵਿਚ ਡੀਆਈਜੀ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋ ਜਾਣ। ਜੇਕਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਉਨ੍ਹਾਂ ਖ਼ਿਲਾਫ਼ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਦੇ ਆਪਣੇ ਟੀਚੇ ਨੂੰ ਹਰ ਹਾਲ ਵਿੱਚ ਪੂਰਾ ਕਰਨ ਲਈ ਵਚਨਬੱਧ ਹੈ।