- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਦਾ ਫੁੱਟਿਆ ਗੁੱਸਾ, ਅਟਾਰੀ ਬਾਰਡਰ ਨੂੰ ਜਾਣ ਵਾਲਾ ਅੰਤਰਰਾਸ਼ਟਰੀ ਹਾਈਵੇ ਕੀਤਾ ਜਾਮ

-ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਨਾ ਮਿਲਣ ’ਤੇ ਕਿਸਾਨ-ਮਜ਼ਦੂਰ ਜਥੇਬੰਦੀ ਵੱਲੋਂ ਰੋਸ ਮੁਜ਼ਾਹਰਾ
ਤਜਿੰਦਰ ਸਿੰਘ, ਪੰਜਾਬੀ ਜਾਗਰਣ, ਅਟਾਰੀ
ਸਰਹੱਦੀ ਖੇਤਰ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀ ਦੇ ਮੈਂਬਰਾਂ ਦਾ ਬਿਜਲੀ ਵਿਭਾਗ ਖਿਲਾਫ ਗੁੱਸਾ ਉਸ ਸਮੇਂ ਸੜਕਾਂ ’ਤੇ ਨਜ਼ਰ ਆਇਆ ਜਦੋਂ ਟਿਊਬਵੈੱਲਾਂ ਨੂੰ ਅੱਠ ਘੰਟੇ ਦੀ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੇ ਅਟਾਰੀ ਬਾਰਡਰ ਨੂੰ ਜਾਂਦੇ ਅੰਤਰਰਾਸ਼ਟਰੀ ਹਾਈਵੇ ਉੱਪਰ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਅਚਾਨਕ ਲੱਗੇ ਧਰਨੇ ਕਾਰਨ ਨਾ ਸਿਰਫ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਸਗੋਂ ਅਟਾਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਰਿਟਰੀਟ ਸਮਾਰੋਹ ਦੇਖਣ ਜਾਣ ਵਾਲੇ ਸੈਲਾਨੀਆਂ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪਈ। ਹਾਈਵੇ ਜਾਮ ਹੋਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਸਥਿਤੀ ਇਹ ਬਣ ਗਈ ਕਿ ਬਾਰਡਰ ਵੱਲ ਜਾਣ ਵਾਲੇ ਕਈ ਸੈਲਾਨੀਆਂ ਨੂੰ ਆਪਣੇ ਵਾਹਨ ਰਸਤੇ ਵਿਚ ਹੀ ਖੜ੍ਹੇ ਕਰਕੇ ਕਰੀਬ ਤਿੰਨ ਕਿਲੋਮੀਟਰ ਪੈਦਲ ਤੁੱਰ ਕੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਮਜਬੂਰ ਹੋਣਾ ਪਿਆ। ਧਰਨੇ ਕਾਰਨ ਕੁਝ ਸਮੇਂ ਲਈ ਸੜਕ ਦੇ ਦੋਵੇਂ ਪਾਸਿਆਂ ਟ੍ਰੈਫਿਕ ਦੀ ਰਫ਼ਤਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।
ਇਸ ਮੌਕੇ ਕਿਸਾਨ-ਮਜ਼ਦੂਰ ਜਥੇਬੰਦੀ ਦੇ ਮੈਂਬਰ ਸਤਨਾਮ ਸਿੰਘ ਪਿੰਡ ਕਾਂਉਕੇ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਅਟਾਰੀ ਬਿਜਲੀ ਘਰ ਵਿਖੇ ਤਾਇਨਾਤ ਐਸਡੀਓ ਨੂੰ ਮਿਲ ਕੇ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਦੀ ਸਮੱਸਿਆ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਮਸਲੇ ਨੂੰ ਹੋਰ ਉੱਚ ਅਧਿਕਾਰੀਆਂ ਅਤੇ ਐਕਸੀਅਨ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਥੋਂ ਵੀ ਸਿਰਫ਼ ਭਰੋਸੇ ਹੀ ਮਿਲੇ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਅਧਿਕਾਰੀਆਂ ਵੱਲੋਂ ਵਾਰ-ਵਾਰ ਟਾਲਮਟੋਲ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਲਈ ਬਿਜਲੀ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਜੇਕਰ ਸਮੇਂ ਸਿਰ ਟਿਊਬਵੈੱਲਾਂ ਨੂੰ ਬਿਜਲੀ ਨਾ ਮਿਲੇ ਤਾਂ ਫਸਲਾਂ ’ਤੇ ਇਸ ਦਾ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਵੀ ਅੱਠ ਘੰਟੇ ਦੀ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਅੰਦੋਲਨ ਕੀਤੇ ਜਾਣਗੇ। ਧਰਨੇ ਦੀ ਸੂਚਨਾ ਮਿਲਦਿਆਂ ਹੀ ਘਰਿੰਡਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਸੰਭਾਲਦਿਆਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਸਬੰਧਤ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਇਆ ਜਾਵੇਗਾ। ਪੁਲਿਸ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ, ਜਿਸ ਮਗਰੋਂ ਆਵਾਜਾਈ ਮੁੜ ਆਮ ਵਾਂਗ ਚਾਲੂ ਹੋ ਗਈ ਅਤੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ।