Punjab Crime : ਜੇਐੱਨਐੱਨ, ਅੰਮ੍ਰਿਤਸਰ : ਦੇਹਾਤ ਪੁਲਿਸ ਨੇ ਗੈਂਗਸਟਰ ਹੈਪੀ ਜੱਟ ਦੇ 4 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਨਿਸ਼ਾਨੇ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ, ਚਾਰ ਮੈਗਜ਼ੀਨ ਤੇ ਹੋਰ ਕਾਰਤੂਸ ਬਰਾਮਦ ਕੀਤੇ ਹਨ। ਐੱਸਐੱਸਪੀ ਸਵਪਨਾ ਸ਼ਰਮਾ ਨੇ ਸ਼ੁੱਕਰਵਾਰ ਸ਼ਾਮ ਪੁਲਿਸ ਲਾਈਨਜ਼ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਉਰਫ਼ ਪ੍ਰਭ, ਗੁਰਦੀਪ ਉਰਫ਼ ਗੀਤਾ ਵਾਸੀ ਝੰਡੇ, ਪ੍ਰਿਤਪਾਲ ਉਰਫ਼ ਪੱਪੂ ਵਾਸੀ ਵੈਰੋਵਾਲ ਤੇ ਜੰਡਿਆਲਾ ਵਾਸੀ ਸੰਨੀ ਉਰਫ਼ ਦਾੜੀ ਵਜੋਂ ਕੀਤੀ ਹੈ।

ਐਸਐਸਪੀ ਨੇ ਦੱਸਿਆ ਕਿ ਸੰਨੀ ਨੇ ਪੁਲਿਸ ਦੀ ਸਖ਼ਤੀ ਤੋਂ ਡਰਦਿਆਂ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ। ਉਸ ਨੂੰ ਪੁੱਛਗਿੱਛ ਲਈ ਲਿਆਂਦਾ ਜਾ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਫਿਰੌਤੀ, ਡਕੈਤੀ, ਲੁੱਟ-ਖੋਹ, ਕਤਲ, ਨਸ਼ਾ ਤਸਕਰੀ, ਹਥਿਆਰਾਂ ਦੀ ਤਸਕਰੀ ਦੇ ਕੁੱਲ 16 ਕੇਸ ਦਰਜ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਤੋਂ ਹਥਿਆਰ ਖਰੀਦ ਕੇ ਇੱਥੇ ਤਸਕਰੀ ਕਰਦੇ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪੰਜਾਬ 'ਚ ਕਿਹੜੇ-ਕਿਹੜੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਗੈਂਗਵਾਰ ਨੂੰ ਅੰਜਾਮ ਦੇਣ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਜਾ ਕੇ ਲੁਕਣਾ ਸੀ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ਼ ਮੁਹਿੰਮ ਛੇੜ ਦਿੱਤੀ ਹੈ। ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਸਾਥੀਆਂ ਨੂੰ ਵੀ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬ ਪੁਲਿਸ ਨੇ NIA ਨਾਲ ਮਿਲ ਕੇ ਕਈ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਸੀ।

Posted By: Seema Anand