ਨਸ਼ੇ ਦੇ ਕਾਰੋਬਾਰ 'ਤੇ ਘੇਰੀ ਪੰਜਾਬ ਸਰਕਾਰ, ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ; ਝੋਟਾ ਦੀ ਹੱਤਿਆ ਤੋਂ ਬਾਅਦ ਸਰਕਾਰ 'ਤੇ ਬੋਲਿਆ ਤਿੱਖਾ ਧਾਵਾ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਧਰਨੇ ਵਿੱਚ ਪਹੁੰਚੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਨਸ਼ੇ ਦੇ ਕਾਰੋਬਾਰ ਅਤੇ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਬਰਖਾਸਤ ਕਰਨ ਦੀ ਮੰਗ ਕੀਤੀ।
Publish Date: Fri, 16 Oct 2026 11:37 AM (IST)
Updated Date: Fri, 16 Oct 2026 11:52 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਧਰਨੇ ਵਿੱਚ ਪਹੁੰਚੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਨਸ਼ੇ ਦੇ ਕਾਰੋਬਾਰ ਅਤੇ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਬਰਖਾਸਤ ਕਰਨ ਦੀ ਮੰਗ ਕੀਤੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਪੰਜਾਬ ‘ਚ ਨਸ਼ੇ ਦਾ ਖਾਤਮਾ ਕਰਾਂਗੇ, ਪਰ ਇਹ ਉਮੀਦ ਗੱਲਤ ਸਾਬਤ ਹੋਈ। ਅੱਜ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਜਿੱਥੇ ਸਿਖਰਾਂ ’ਤੇ ਹੈ, ਉਥੇ ਹੀ ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਨਸ਼ੇ ਦੇ ਕਾਰੋਬਾਰੀਆਂ ਦੇ ਹੌਂਸਲੇ ਬੁਲੰਦ ਹਨ। ਨਸ਼ੇ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ ਅਤੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਨਾਲ ਕਥਿੱਤ ਤੌਰ ’ਤੇ ਕੀਤੇ ਗਏ ਅੱਤਿਆਚਾਰ ਦਾ ਜ਼ਿਕਰ ਕਰਦੇ ਹੋਏ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਸਾਹਮਣੇ ਅਵਾਜ਼ ਉਠਾਉਣ ਦੇ ਬਾਅਦ ਉਸ ‘ਤੇ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਵਿੱਤ ਮੰਤਰੀ ਦੇ ਸਾਹਮਣੇ ਇੱਕ ਵਿਅਕਤੀ ਨੇ ਆਪਣੇ ਪੁੱਤਰ ਨੂੰ ਚਿੱਟੇ ਤੋਂ ਬਚਾਉਣ ਅਤੇ ਨਸ਼ੇ ਨੂੰ ਵੇਚਣ ਵਾਲੇ ਦੀ ਗੁਹਾਰ ਲਗਾਈ ਸੀ, ਪਰ ਪੁਲਿਸ ਨੇ ਉਸ ‘ਤੇ ਕਥਿੱਤ ਤੌਰ ’ਤੇ ਅੱਤਿਆਚਾਰ ਕੀਤਾ ਗਿਆ। ਉਨ੍ਹਾਂ ਨੇ ਇੰਨ੍ਹਾਂ ਘਟਨਾਵਾਂ ਨੂੰ ਪੰਜਾਬ ਵਿੱਚ ਵਿਗੜਦੇ ਹਾਲਾਤਾਂ ਨਾਲ ਜੋੜਦੇ ਹੋਏ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਸਰਕਾਰ ਨੂੰ ਘੇਰਿਆ।
ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਪੰਜਾਬ ਵਿੱਚ ਇੰਨ੍ਹੇ ਗੰਭੀਰ ਹਾਲਾਤ ਹਨ ਤਾਂ ਮੁੱਖ ਮੰਤਰੀ ਦਿੱਲੀ ਵਿੱਚ ਕਿਉਂ ਬੈਠੇ ਹਨ ਅਤੇ ਵਿਦੇਸ਼ ਜਾਣ ਦੀ ਤਿਆਰੀ ਕਿਉਂ ਕਰ ਹਨ? ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਰਾਜਨੀਤਿਕ ਲੋਕਾਂ , ਪੁਲਿਸ ਅਤੇ ਪ੍ਰਸ਼ਾਸਨ ਵਿੱਚ ਇੱਕ ਵੱਡਾ ਗੱਠਜੋੜ ਕੰਮ ਕਰ ਰਿਹਾ ਹੈ, ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਭੇਂਟ ਚੜ੍ਹਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਛੋਟੇ ਛੋਟੇ ਬੱਚਿਆਂ ਨੂੰ ਦੇਖ ਦਿਲ ਰੋਂਦਾ ਹੈ। ਪੰਜਾਬ ਦੀ ਮੌਜੂਦਾ ਸਥਿੱਤੀ ਦੇ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।