26 ਤੋਂ 28 ਸਤੰਬਰ ਤੱਕ ਰਣਜੀਤ ਐਵੇਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਦੀ ਦੁਸਹਿਰਾ
Publish Date: Thu, 17 Sep 2026 04:16 PM (IST)
Updated Date: Thu, 17 Sep 2026 04:17 PM (IST)
ਮਹਿਲਾ ਉੱਦਮੀਆਂ ਤੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਨੂੰ ਮਿਲੇਗਾ ਵਿਸ਼ੇਸ਼ ਮੰਚ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲਾ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ ਨੇ ਦੱਸਿਆ ਕਿ ਮੇਲੇ ਵਿਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਹੁਨਰਮੰਦ ਮਹਿਲਾਵਾਂ ਵੱਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ, ਕੱਪੜੇ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਿਤ ਅਤੇ ਵਿਕਰੀ ਲਈ ਉਪਲਬਧ ਹੋਣਗੇ। ਉਨ੍ਹਾਂ ਕਿਹਾ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ, ਬ੍ਰਾਂਡਿੰਗ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਸਕੂਲੀ ਵਿਿਦਆਰਥੀਆਂ ਵੱਲੋਂ ਵੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ ਤੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹੋਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਸੁਰੱਖਿਆ, ਪਾਰਕਿੰਗ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ‘ਪੰਜਾਬ ਸਖੀ ਸ਼ਕਤੀ ਮੇਲਾ’ ਵਿਚ ਪਹੁੰਚ ਕੇ ਮਹਿਲਾਵਾਂ ਦੇ ਹੁਨਰ ਅਤੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦਾ ਆਨੰਦ ਮਾਣਨ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮਨੋਜ ਕੁਮਾਰ, ਅਮਿਸ਼ਕਾ, ਡਿਪਟੀ ਸੀਈਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੀਰਥਪਾਲ ਸਿੰਘ, ਡਾ. ਮਨਿੰਦਰ ਸਿੰਘ, ਇੰਜ. ਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।