ਪੰਜਾਬ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਚੱਲ ਰਹੀ : ਅੰਕਿਤ ਖੋਸਲਾ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਵਿਚ ਆਏ ਦਿਨ ਹੋ ਰਹੇ ਗਰਨੇਡ ਹਮਲੇ ਅਤੇ ਗੋਲੀ ਕਾਂਡ ਲੋਕਾਂ ਲਈ ਵੱਡੀ ਆਫ਼ਤ ਬਣਦੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ
Publish Date: Sat, 18 Apr 2026 04:14 PM (IST)
Updated Date: Sat, 18 Apr 2026 04:18 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਵਿਚ ਆਏ ਦਿਨ ਹੋ ਰਹੇ ਗਰਨੇਡ ਹਮਲੇ ਅਤੇ ਗੋਲੀ ਕਾਂਡ ਲੋਕਾਂ ਲਈ ਵੱਡੀ ਆਫ਼ਤ ਬਣਦੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ, ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼ਿਵਾ ਸੈਨਾ ਦੇ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਨਸ਼ਾ ਮੁਕਤ ਅਤੇ ਕ੍ਰਾਈਮ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਅੰਦਰ ਗੈਂਗਸਟਰ ਅਤੇ ਨਸ਼ੇੜੀਆਂ ਦਾ ਬੋਲਬਾਲਾ ਹੁੰਦਾ ਜਾ ਰਿਹਾ ਹੈ। ਅੰਕਿਤ ਖੋਸਲਾ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਇਸ ਦੌਰ ਵਿਚ ਜਿਥੇ ਲੋਕਾਂ ਦੇ ਘਰਾਂ ਦਾ ਗੁਜਾਰਾ ਬੜੀ ਮੁਸ਼ਕਿਲ ਨਾਲ ਹੋ ਰਿਹਾ ਹੈ ਤੇ ਦੂਜੇ ਪਾਸੇ ਵੱਧ ਰਹੀਆਂ ਵਾਰਦਾਤਾਂ ਲੋਕਾਂ ਲਈ ਵੱਡੀ ਆਫ਼ਤ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।