ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਡੇਰਾ ਸਿਰਸਾ ਮੁਖੀ ਵੱਲੋਂ ਆਪਣੇ-ਆਪ ਨੂੰ ਗੁਰੂ ਕਹਿੰਦਿਆਂ ਜੇਲ੍ਹ ਵਿੱਚੋਂ ਲਿਖੇ ਗਏ ਪੱਤਰ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਉਸ ਦੀ ਇਹ ਹਰਕਤ ਸਰਕਾਰਾਂ ਤੇ ਸਿੱਖ ਵਿਰੋਧੀ ਤਾਕਤਾਂ ਦੀ ਵੱਡੀ ਸਾਜ਼ਿਸ਼ ਹੈ।ਸੰਤ ਜੱਸੋਵਾਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਸਿੱਖ ਵਿਰੋਧੀ ਤਾਕਤਾਂ ਨਾਲ ਮਿਲ ਕੇ ਸਿੱਖਾਂ ਨੂੰ ਵੱਖ-ਵੱਖ ਮੁੱਦਿਆਂ ਵਿਚ ਉਲਝਾਅ ਕੇ ਸਿੱਖ ਤਾਕਤ ਨੂੰ ਪਰਖਣ ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਲਿਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਜੁੜੇ ਗੋਲ਼ੀਕਾਂਡ ਸਬੰਧੀ ਤਿਆਰ ਕੀਤੀ ਚਾਰਜਸ਼ੀਟ ਰੱਦ ਕਰ ਦਿੱਤੀ ਹੈ ਤਾਂ ਉਸ ਸਮੇਂ ਡੇਰਾ ਮੁਖੀ ਨੂੰ ਸਿੱਖਾਂ ਦੇ ਜ਼ਖ਼ਮਾਂ ਉੱਪਰ ਲੂਣ ਛਿੜਕਣ ਲਈ ਮੁੜ ਸਾਜ਼ਿਸ਼ ਤਹਿਤ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਆਪਣੀਆਂ ਨੀਤੀਆਂ 'ਚ ਬਦਲਾਅ ਲਿਆਉਣ ਲਈ ਆਖਿਆ ਤੇ ਕਿਹਾ ਕਿ ਇਸ ਤਰ੍ਹਾਂ ਨਾ ਹੋਇਆ ਤਾਂ ਦੋਵੇਂ ਸੂਬਿਆਂ ਤੇ ਦੇਸ਼ ਦੇ ਹਾਲਾਤ ਵਿਗੜ ਸਕਦੇ ਹਨ।