- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਠਕ ’ਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਸਨ। ਬੈਠਕ ’ਚ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਤੇ ਉਸ ਦੇ ਹੁਕਮ ਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਫ਼ਰਜ਼ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜ ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ’ਚ ਵਿਸ਼ਾਲ ਪੰਥਕ ਸੰਮੇਲਨ ਕਰਨ ਦਾ ਫ਼ੈਸਲਾ ਕੀਤਾ ਹੈ। ਸ਼ਨਿਚਰਵਾਰ ਨੂੰ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਏ ਐੱਸਜੀਪੀਸੀ ਦੇ ਜਨਰਲ ਇਜਲਾਸ ’ਚ ਇਹ ਫ਼ੈਸਲਾ ਲਿਆ ਗਿਆ। ਬੈਠਕ ’ਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਸਨ। ਬੈਠਕ ’ਚ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਤੇ ਉਸ ਦੇ ਹੁਕਮ ਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਫ਼ਰਜ਼ ਹੈ। ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੇ ਖ਼ਿਲਾਫ਼ ਖ਼ਾਲਸਾ ਪੰਥ ਨੂੰ ਇਕਜੁਟ ਰਹਿਣਾ ਪਵੇਗਾ। ਬੈਠਕ ’ਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਜੁੜੇ 1956 ਦੇ ਐਕਟ ’ਚ ਸੋਧ ਦੀ ਪ੍ਰਕਿਰਿਆ ’ਤੇ ਵੀ ਸਖ਼ਤ ਵਿਰੋਧ ਕੀਤਾ ਗਿਆ। ਪ੍ਰਸਤਾਵ ’ਚ ਕਿਹਾ ਗਿਆ ਕਿ ਸਿੱਖਾਂ ਦੇ ਤਖ਼ਤਾਂ ਤੇ ਧਾਰਮਿਕ ਸੰਸਥਾਵਾਂ ਦੀ ਮੈਨੇਜਮੈਂਟ ’ਚ ਕਿਸੇ ਤਰ੍ਹਾਂ ਦਾ ਸਰਕਾਰੀ ਦਖ਼ਲ ਸਵੀਕਾਰ ਨਹੀਂ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਏ ਜਨਰਲ ਇਜਲਾਸ ’ਚ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਸਿੱਖ ਸਮਾਜ ਦਾ ਇਕਜੁਟ ਹੋਣਾ ਬਹੁਤ ਜ਼ਰੂਰੀ ਹੈ। ਇਸੇ ਟੀਚੇ ਲਈ ਪੰਜ ਜੁਲਾਈ ਨੂੰ ਹੋਣ ਵਾਲੇ ਪੰਥਕ ਸੰਮੇਲਨ ’ਚ ਸ਼ਾਮਲ ਹੋਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਤੇ ਸੰਗਤ ਨੂੰ ਸੱਦਾ ਦਿੱਤਾ ਜਾਵੇਗਾ। ਬੈਠਕ ’ਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਦੇ ਕਥਿਤ ਵੀਡੀਓ ਦੇ ਸਬੰਧ ’ਚ ਇਕ ਵਫ਼ਦ ਜਲਦ ਹੀ ਸੂਬੇ ਦੇ ਡੀਜੀਪੀ ਨੂੰ ਮਿਲੇਗਾ ਤੇ ਉਨ੍ਹਾਂ ਤੋਂ ਇਸ ਮਾਮਲੇ ’ਚ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰੇਗਾ। ਬੈਠਕ ’ਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਐੱਸਜੀਪੀਸੀ ਸ੍ਰੀ ਅਕਾਲ ਤਖ਼ਤ ਦੇ ਹੁਕਮ ਦੇ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਹਰੇਕ ਹਲਕੇ ’ਚ ਵਿਸ਼ੇਸ਼ ਮੁਹਿੰਮ ਚਲਾਏਗੀ। ਪ੍ਰਚਾਰਕ ਜਥੇ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਸੰਗਤ ਨੂੰ ਇਸ ਸਬੰਧ ’ਚ ਜਾਣਕਾਰੀ ਦੇਣਗੇ।
ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਦੀ ਨਹੀਂ ਕੀਤੀ ਹੁਕਮ ਅਦੂਲੀ : ਧਾਮੀ
ਹਰਜਿੰਦਰ ਸਿੰਘ ਧਾਮੀ ਨੇ ਸੱਤ ਮੈਂਬਰੀ ਕਮੇਟੀ ਤੋਂ ਆਪਣੇ ਅਸਤੀਫ਼ੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਸੇ ਆਦੇਸ਼ ਦੀ ਹੁਕਮ ਅਦੂਲੀ ਨਹੀਂ ਕੀਤੀ ਹੈ। ਉਹ ਆਪਣਾ ਪੱਖ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ। ਹੁਣ ਇਸ ਮਾਮਲੇ ’ਚ ਆਖ਼ਰੀ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਰਨਾ ਹੈ। ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੇ ਤਹਿਤ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨਾਲ ਸਬੰਧਤ ਸੱਤ ਮੈਂਬਰੀ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਜਦ ਉਨ੍ਹਾਂ ਨੇ ਕੁਝ ਕਾਰਨਾਂ ਨਾਲ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ, ਉਸੇ ਸਮੇਂ ਤਤਕਾਲੀਨ ਨਿੱਜੀ ਸਹਾਇਕ ਜਸਪਾਲ ਸਿੰਘ ਰਾਹੀਂ ਕਮੇਟੀ ਤੋਂ ਆਪਣਾ ਅਸਤੀਫ਼ਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤਾ ਸੀ। ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਹੁਕਮ ਅਦੂਲੀ ਨਹੀਂ ਕੀਤੀ ਤੇ ਅੱਜ ਵੀ ਸਿੰਘ ਸਾਹਿਬਾਨਾਂ ਦੇ ਸਾਹਮਣੇ ਪੂਰੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ।