- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹਨਾਂ ਇਲਜ਼ਾਮਾਂ ਸਬੰਧੀ ਸਬੂਤ ਪੇਸ਼ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ ਹੈ।
ਸਟਾਫ ਰਿਪੋਰਟਰ, ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਲਗਾਏ ਦੋਸ਼ਾਂ ’ਤੇ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਖੂਬ ਹੰਗਾਮਾ ਹੋਇਆ। ਦੋ ਘੰਟੇ ਲੰਬੀ ਤੇ ਗਰਮਾਗਰਮ ਚਰਚਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਰਘਬੀਰ ਸਿੰਘ ਨੂੰ ਨੋਟਿਸੀ ਜਾਰੀ ਕਰ ਕੇ 72 ਘੰਟਿਆਂ ਅੰਦਰ ਲਾਏ ਗਏ ਦੋਸ਼ਾਂ ’ਤੇ ਰੁਖ਼ ਸਪਸ਼ਟ ਕਰਨ ਅਤੇ ਲਿਖਤੀ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਯਮਾਂ ਦੇ ਉਲਟ ਜ਼ਮੀਨਾਂ ਵੇਚਣ ਅਤੇ ਬਾਦਲ ਪਰਿਵਾਰ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਗਾਏ ਸਨ। ਉਨ੍ਹਾਂ ਐੱਸਜੀਪੀਸੀ ’ਤੇ ਬਾਦਲ ਪਰਿਵਾਰ ਦਾ ਗ਼ਲਬਾ ਖ਼ਤਮ ਕਰਨ ਲਈ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਵੀ ਕੀਤੀ ਸੀ।
ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਹੀਨਾਵਾਰ ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਲੰਧਰ ’ਚ ਪ੍ਰੈੱਸ ਕਾਨਫਰੰਸ ਰਾਹੀਂ ਲਗਾਏ ਗਏ ਇਲਜ਼ਾਮਾਂ ਦਾ ਅੰਤ੍ਰਿੰਗ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੋ ਕਿ ਇਸ ਸਮੇਂ ਛੁੱਟੀ ’ਤੇ ਚੱਲ ਰਹੇ ਹਨ, ਨੇ ਸਤਿਕਾਰਤ ਅਹੁਦੇ ’ਤੇ ਹੁੰਦਿਆਂ ਬਿਨਾਂ ਠੋਸ ਸਬੂਤਾਂ ਦੇ ਸੰਸਥਾ ’ਤੇ ਇਲਜ਼ਾਮ ਲਗਾ ਕੇ ਇਸ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ ਹੈ। ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਨੋਟਿਸ ਜਾਰੀ ਕਰ ਕੇ 72 ਘੰਟਿਆਂ ’ਚ ਇਨ੍ਹਾਂ ਦੋਸ਼ਾਂ ’ਤੇ ਆਪਣਾ ਰੁਖ਼ ਸਪਸ਼ਟ ਕਰਨ ਲਈ ਕਿਹਾ ਹੈ। ਜੇਕਰ ਉਹ ਤੈਅ ਸਮੇਂ ਅੰਦਰ ਲਿਖਤੀ ਤੌਰ ’ਤੇ ਸਬੂਤ ਪੇਸ਼ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਗਿਆਨੀ ਹਰਪ੍ਰੀਤ ਸਿੰਘ ਕਮੇਟੀ ਨੂੰ ਬਦਨਾਮ ਕਰਨ ਲਈ ਮਾਫ਼ੀ ਮੰਗਣ, ਨਹੀਂ ਤਾਂ ਹੋਵੇਗਾ ਕਰਾਂਗੇ ਮਾਣਹਾਨੀ ਦਾ ਕੇਸ : ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਦੀ ਜ਼ਮੀਨ ਵੇਚਣ ’ਚ ਧੋਖਾਧੜੀ ਦੇ ਦੋਸ਼ਾਂ ਨੂੰ ਵੀ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਾਲ ਸਬੰਧਤ ਜਗ੍ਹਾ ਵੇਚਣ ਤੇ ਖਰੀਦਣ ਦਾ ਕਾਰਜ ਬਿਲਕੁਲ ਨਿਯਮਾਂ ਅਨਸੁਾਰ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਗਮਾਡਾ ਵੱਲੋਂ ਲਈ ਗਈ ਜ਼ਮੀਨ ਦੀ ਰਕਮ ਵੀ ਨਿਯਮਾਂ ਅਨੁਸਾਰ ਹੈ। ਇਸ ਸਬੰਧੀ ਬੇਬੁਨਿਆਦ ਦੋਸ਼ ਲਗਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕਰਨਾ ਤੇ ਸੰਗਤ ਨੂੰ ਗੁਮਰਾਹ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਕਰਕੇ ਗਿਆਨੀ ਹਰਪ੍ਰੀਤ ਸਿੰਘ ਜਨਤਕ ਤੌਰ ’ਤੇ ਮਾਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵੱਲੋਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇਗਾ।
ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਮਾਮਲੇ ਦੀ ਜਾਂਚ ਜਾਰੀ
ਧਾਮੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਵੱਲੋਂ ਜਾਅਲਸਾਜ਼ੀ ਕਰਕੇ ਵੇਚੀ ਗਈ ਜਗ੍ਹਾ ਦੇ ਸਬੰਧ ’ਚ ਕਿਹਾ ਕਿ ਇਸ ਦੀ ਜਾਂਚ ਜਾਰੀ ਹੈ ਤੇ ਇਸ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਬਾਹਰੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਰਿਪੋਰਟ ਸਾਹਮਣੇ ਆਉਣ ’ਤੇ ਹਰ ਦੋਸ਼ੀ ਵਿਰੁੱਧ ਕਾਰਵਾਈ ਹੋਵੇਗੀ। ਧਾਮੀ ਨੇ ਇਹ ਵੀ ਜਾਣਕਾਰੀ ਵੀ ਸਾਂਝੀ ਕੀਤੀ ਕਿ ਭਵਿੱਖ ਅੰਦਰ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਗ਼ਲਤੀ ਕਾਰਨ ਹੋਈ ਵਾਰਨਿੰਗ ਤੇ ਜੁਰਮਾਨਾ ਮਾਫ਼ ਨਹੀਂ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ, ਅਧਿਕਾਰੀ ਮੌਜੂਦ ਸਨ।