ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ 'ਤੇ ਭੜਕੀ ਸ਼੍ਰੋਮਣੀ ਕਮੇਟੀ, ਐਡਵੋਕੇਟ ਧਾਮੀ ਨੇ ਰਾਜਸਥਾਨ ਪੁਲਿਸ ਦੀ ਕਾਰਵਾਈ ਦੀ ਕੀਤੀ ਸਖ਼ਤ ਨਿੰਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
Publish Date: Mon, 05 Oct 2026 11:31 AM (IST)
Updated Date: Mon, 05 Oct 2026 11:32 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਗੁਰੂ ਕੇ ਲੰਗਰਾਂ ਵਿੱਚ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰਾਂ ਨੂੰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਪੁਲਿਸ ਦੀ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਈ ਜਾ ਸਕਦੀ।
ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਕੀਦਿਆਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਯਾਦਾ ਅਨੁਸਾਰ ਜੀਵਨ ਜਿਊਣ ਦਾ ਸੰਵਿਧਾਨਕ ਹੱਕ ਹੈ। ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵਾਪਰੀ ਇਸ ਘਟਨਾ ਪ੍ਰਤੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ ਅਤੇ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਰਿਹਾਅ ਕਰੇ।