ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਬੀਤੇ ਦਿਨੀਂ ਪਾਸਿਕਤਾਨ ਅੰਦਰ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਸ ਦੁਖਮਈ ਸਮੇਂ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਭੇਜਣ ਲਈ ਜਲਦ ਕਾਰਵਾਈ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਦੀ ਕਰੰਸੀ ਅਨੁਸਾਰ ਇਹ ਰਾਸ਼ੀ ਦੁੱਗਣੀ ਬਣੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਵੀ ਪੀੜਤ ਸਿੱਖ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਦੋਸ਼ੀ ਰੇਲਵੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਵੀ ਅੰਜ਼ਾਮ ਦੇਵੇ।

Posted By: Seema Anand