SGPC ਪ੍ਰਧਾਨ ਧਾਮੀ ਦਾ ਵੱਡਾ ਐਲਾਨ, ਪਾਕਿਸਤਾਨੀ ਪੰਜਾਬ ਦੇ ਵਿਦਿਆਰਥੀ ਉਂਕਾਰ ਸਿੰਘ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਨਮਾਨ ਰਾਸ਼ੀ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀ ਸਾਲਾਨਾ ਮੈਟ੍ਰਿਕ ਪ੍ਰੀਖਿਆ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਸੂਬੇ ਵਿੱਚੋਂ ਸਿੱਖ ਵਿਦਿਆਰਥੀ ਉਂਕਾਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਸ ਦੀ ਇਸ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ।
Publish Date: Tue, 15 Sep 2026 10:05 AM (IST)
Updated Date: Tue, 15 Sep 2026 10:07 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀ ਸਾਲਾਨਾ ਮੈਟ੍ਰਿਕ ਪ੍ਰੀਖਿਆ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਸੂਬੇ ਵਿੱਚੋਂ ਸਿੱਖ ਵਿਦਿਆਰਥੀ ਉਂਕਾਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਸ ਦੀ ਇਸ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਉਂਕਾਰ ਸਿੰਘ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਂਕਾਰ ਸਿੰਘ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀ ਪ੍ਰੀਖਿਆ ਵਿੱਚ ਵੀ ਦੂਜਾ ਸਥਾਨ ਹਾਸਲ ਕਰ ਚੁੱਕਾ ਹੈ ਅਤੇ ਲਗਾਤਾਰ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ।
ਮੰਨਣ ਨੇ ਕਿਹਾ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਡਾਕਟਰੀ ਖੇਤਰ ਵਿੱਚ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਤਮਗਾ-ਏ-ਇਮਤਿਆਜ਼ ਨਾਲ ਸਨਮਾਨਿਤ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰਾ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਉਂਕਾਰ ਸਿੰਘ ਦੀ ਇਹ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮਿਹਨਤ ਅਤੇ ਲਿਆਕਤ ਨਾਲ ਭਵਿੱਖ ਵਿੱਚ ਵੀ ਸਿੱਖ ਕੌਮ ਦਾ ਨਾਮ ਰੌਸ਼ਨ ਕਰੇਗਾ।