- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀਆਂ ਦੀ ਵੀ ਮਿਹਨਤ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪਿਛਲੇ ਸਮੇਂ ਮਹਿੰਗਾਈ ਭੱਤਾ ਦੇਣਾ ਸੀ, ਪਰ ਕੁਝ ਹਾਲਾਤ ਗਲਤ ਬਣਦੇ ਰਹੇ, ਜਲਦ ਹੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੁੱਖ ਦਫ਼ਤਰ ਵਿਖੇ ਹੋਈ ਉਚੇਚੀ ਇਕੱਤਰਤਾ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ-ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ ਪ੍ਰੰਤੂ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਿਥੇ ਵੱਡੇ ਪੱਧਰ ’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ।
ਧਾਮੀ ਨੇ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿੱਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐੱਫਡੀਆਰ ਦੇ ਸਬੰਧ ਵਿਚ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਐੱਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ।
ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ। ਇਹ ਸੰਗਤ ਦੇ ਸਹਿਯੋਗ ਅਤੇ ਗੁਰੂ ਘਰਾਂ ਪ੍ਰਤੀ ਸ਼ਰਧਾ ਦੇ ਨਾਲ ਹੀ ਸੰਭਵ ਹੋਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿੱਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀਆਂ ਦੀ ਵੀ ਮਿਹਨਤ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪਿਛਲੇ ਸਮੇਂ ਮਹਿੰਗਾਈ ਭੱਤਾ ਦੇਣਾ ਸੀ, ਪਰ ਕੁਝ ਹਾਲਾਤ ਗਲਤ ਬਣਦੇ ਰਹੇ, ਜਲਦ ਹੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਵੇਗਾ।
ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ਼ ਸਿੰਘ, ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।
ਐਡਵੋਕੇਟ ਧਾਮੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਜੇਕਰ ਸਿਟ ਤਬਦੀਲ ਹੀ ਕਰਨੀ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਸਿੱਖ ਅਫ਼ਸਰ ਸ਼ਾਮਲ ਕੀਤੇ ਜਾਂਦੇ। ਉਨ੍ਹਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਵਿਚ ਐਫਆਈਆਰ ਦਰਜ ਕਰਵਾਉਣ ਬਾਅਦ ਵੀ ਪੁਲਿਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ।