ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ: ਪ੍ਰਭਾਵਿਤ ਖੇਤਰਾਂ 'ਚ ਵੱਡੇ ਪੱਧਰ 'ਤੇ ਲੰਗਰ ਸੇਵਾ ਸ਼ੁਰੂ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ।
Publish Date: Thu, 03 Sep 2026 04:54 PM (IST)
Updated Date: Thu, 03 Sep 2026 04:59 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਨੇਪਾਲ ’ਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ।
ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਲੰਗਰ ਦਾ ਪਹਿਲਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ ਅਤੇ ਅਗਲੇ ਦਿਨਾਂ ’ਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਬੀਤੇ ਦਿਨੀਂ ਸਰਕਾਰ ਨਾਲ ਕੀਤੀ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸਬੰਧੀ ਸੁਝਾਅ ਦਿੱਤਾ ਸੀ, ਜਿਸ ਨੂੰ ਨੇਪਾਲ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਇਸ ਸਹਿਯੋਗ ਅਤੇ ਸਹਿਮਤੀ ਤੋਂ ਬਾਅਦ ਅੱਜ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਅਤੇ ਸੇਵਾਦਾਰਾਂ ਦਾ ਸਥਾਨਕ ਲੋਕਾਂ ਵੱਲੋਂ ਧੰਨਵਾਦ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ’ਚ ਲੰਗਰ ਅਤੇ ਰਾਹਤ ਸਮੱਗਰੀ ਉਨ੍ਹਾਂ ਲਈ ਵੱਡਾ ਸਹਾਰਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ’ਚ ਨੇਪਾਲ ’ਚ ਵੱਸਦੇ ਪ੍ਰੀਤਮ ਸਿੰਘ, ਅੰਗਦ ਸਿੰਘ, ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ।