- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੜਗੱਜ ਨੇ ਕਿਹਾ ਕਿ ਲਹਿੰਦੇ ਪੰਜਾਬ ਦੀ ਧਰਤੀ ਨਾਲ ਸਿੱਖਾਂ ਦੀ ਡੂੰਘੀ ਸਾਂਝ ਹੈ। ਹਰ ਸਿੱਖ ਇੱਥੇ ਆਉਣਾ ਚਾਹੁੰਦਾ ਹੈ ਕਿਉਂਕਿ ਇੱਥੋਂ ਸਿੱਖੀ ਦੀ ਸ਼ੁਰੂਆਤ ਹੋਈ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਸਥਾਨ ਮੌਜੂਦ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਐਤਵਾਰ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਉਪਰੰਤ ਪਾਕਿਸਤਾਨ ਲਈ ਰਵਾਨਾ ਹੋਇਆ। ਉੱਥੇ ਪਹੁੰਚਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸਤਾਕ ਨੇ ਜਥੇ ਦਾ ਸਵਾਗਤ ਕੀਤਾ।
ਸੁਆਗਤੀ ਸਮਾਰੋਹ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਲਹਿੰਦੇ ਪੰਜਾਬ ਦੀ ਧਰਤੀ ਨਾਲ ਸਿੱਖਾਂ ਦੀ ਡੂੰਘੀ ਸਾਂਝ ਹੈ। ਹਰ ਸਿੱਖ ਇੱਥੇ ਆਉਣਾ ਚਾਹੁੰਦਾ ਹੈ ਕਿਉਂਕਿ ਇੱਥੋਂ ਸਿੱਖੀ ਦੀ ਸ਼ੁਰੂਆਤ ਹੋਈ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਸਥਾਨ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਚੜ੍ਹਦੇ ਪੰਜਾਬ ਤੋਂ ਮੁਹੱਬਤ ਤੇ ਸ਼ਾਂਤੀ ਦਾ ਪੈਗ਼ਾਮ ਲੈ ਕੇ ਆਏ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਮੁਹੱਬਤ, ਮਾਨਵਤਾ ਅਤੇ ਸਭ ਵਿਚ ਇਕ ਰੱਬ ਦੀ ਜੋਤ ਦੇਖਣ ਦਾ ਸੰਦੇਸ਼ ਦਿੱਤਾ। ਜਥੇਦਾਰ ਨੇ ਸਾਂਝੀ ਮਾਂ ਬੋਲੀ ਪੰਜਾਬੀ ਨੂੰ ਮਾਣ ਨਾਲ ਬੋਲਣ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਲਾਂਘਾ ਜਲਦ ਖੁੱਲ੍ਹੇਗਾ। ਉਨ੍ਹਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਮੌਕੇ ’ਤੇ ਵੀਜ਼ਾ ਦੇਣ ਦੀ ਸਹੂਲਤ ਦੇਣ ਦੀ ਅਪੀਲ ਵੀ ਕੀਤੀ।
ਜਥੇਦਾਰ ਨੇ ਪਾਕਿਸਤਾਨ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਮੁੜ ਖੋਲ੍ਹਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸਕ ਇਮਾਰਤਾਂ ਨੂੰ ਢਾਹ ਕੇ ਨਵੇਂ ਸਿਰੇ ਤੋਂ ਬਣਾਉਣ ਦੀ ਥਾਂ ਪੁਰਾਤਨ ਤਕਨੀਕ ਤੇ ਸਮੱਗਰੀ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਛੇਵੇਂ ਪਾਤਸ਼ਾਹ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਨੂੰ 27 ਨਵੰਬਰ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ।
ਉਨ੍ਹਾਂ ਸਿੱਖ ਸੰਗਤ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ ਅਤੇ ਜਥੇ ਦੇ ਪ੍ਰਬੰਧਾਂ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ। ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਮਿਲੇ ਹਨ। ਜਥਾ 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਵੇਗਾ ਅਤੇ 1 ਦਸੰਬਰ ਨੂੰ ਭਾਰਤ ਪਰਤੇਗਾ।