- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਦ ਮੈਂਬਰ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਜਿਸ ਦੀ ਸਲੋਵਾਕੀਆ ਵਿਚ ਡੁੱਬਣ ਕਾਰਨ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ। ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਅਤੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।
ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਸਲੋਵਾਕੀਆ ਗਿਆ ਸੀ, ਜਿੱਥੇ ਇਹ ਦਰਦਨਾਕ ਹਾਦਸਾ ਵਾਪਰਿਆ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਭਾਰਤ ਸਰਕਾਰ ਅਤੇ ਜਨ ਪ੍ਰਤੀਨਿਧੀਆਂ ਕੋਲ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮੰਤਰਾਲਿਆਂ ਅਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ। ਉਨ੍ਹਾਂ ਦੇ ਯਤਨਾਂ ਅਤੇ ਸਹਿਯੋਗ ਸਦਕਾ ਲੋੜੀਂਦੀਆਂ ਕਾਰਵਾਈਆਂ ਜਲਦੀ ਪੂਰੀਆਂ ਹੋਈਆਂ, ਜਿਸ ਕਾਰਨ ਗੁਰਸੇਵਕ ਸਿੰਘ ਦੀ ਦੇਹ ਛੇਤੀ ਹੀ ਭਾਰਤ ਲਿਆਂਦੀ ਜਾ ਸਕੀ ਅਤੇ ਅੱਜ ਉਸ ਦਾ ਉਸ ਦੇ ਜੱਦੀ ਪਿੰਡ ਵਿੱਚ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸੇ ਨੌਜਵਾਨ ਪੁੱਤਰ ਦਾ ਇਸ ਤਰ੍ਹਾਂ ਅਚਾਨਕ ਸੰਸਾਰ ਤੋਂ ਚਲੇ ਜਾਣਾ ਸਿਰਫ਼ ਇੱਕ ਪਰਿਵਾਰ ਹੀ ਨਹੀਂ, ਸਗੋਂ ਪੂਰੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਮ੍ਰਿਤਕ ਦੇਹ ਆਪਣੇ ਪਿੰਡ ਪਹੁੰਚੀ ਤਾਂ ਹਰ ਅੱਖ ਨਮ ਸੀ ਅਤੇ ਪੂਰਾ ਇਲਾਕਾ ਗਮਗੀਨ ਮਾਹੌਲ ਵਿਚ ਡੁੱਬਿਆ ਹੋਇਆ ਸੀ।
ਔਜਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਿਹਤਰ ਭਵਿੱਖ ਦੀ ਆਸ ਨਾਲ ਵਿਦੇਸ਼ਾਂ ਦਾ ਰੁਖ ਕਰਦੇ ਹਨ, ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਔਖੇ ਸਮੇਂ ਵਿਚ ਸਰਕਾਰਾਂ, ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਦੁਖੀ ਪਰਿਵਾਰ ਦੇ ਨਾਲ ਡਟ ਕੇ ਖੜ੍ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।
ਸੰਸਦ ਮੈਂਬਰ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਪਈ ਤਾਂ ਉਹ ਹਰ ਸੰਭਵ ਸਹਿਯੋਗ ਲਈ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।