ਤੇਜਿੰਦਰ ਸਿੰਘ ਬੱਬੂ, ਝਬਾਲ : ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਮੌਤਾਂ ਦਾ ਸੰਤਾਪ ਹੰਢਾਉਣ ਵਾਲੇ ਤਰਨਤਾਰਨ ਜ਼ਿਲ੍ਹੇ 'ਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੀ ਸ਼ਾਮਤ ਆਈ ਹੋਈ ਹੈ। ਆਬਕਾਰੀ ਵਿਭਾਗ ਅਤੇ ਪੁਲਿਸ ਲਗਾਤਾਰ ਵੱਖ ਵੱਖ ਪਿੰਡਾਂ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਲਾਹਣ ਨੂੰ ਨਸ਼ਟ ਕਰਨ ਦੇ ਨਾਲ ਨਾਲ ਇਸ ਧੰਦੇ 'ਚ ਲੱਗੇ ਲੋਕਾਂ 'ਤੇ ਕੇਸ ਵੀ ਦਰਜ ਕਰ ਰਹੀ ਹੈ। ਵੀਰਵਾਰ ਨੂੰ ਜ਼ਿਲ੍ਹੇ ਦੇ ਪਿੰਡ ਹਰਬੰਸਪੁਰਾ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਵੀ ਵੱਡੀ ਮਾਤਰਾ 'ਚ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਦੋਂਕਿ ਦੋ ਲੋਕਾਂ ਦੇ ਖਿਲਾਫ ਕੇਸ ਦਰਜ ਕਰਕੇ ਇਕ ਨੂੰ ਬਕਾਇਦਾ ਗਿ੍ਫਤਾਰ ਵੀ ਕਰ ਲਿਆ ਗਿਆ ਹੈ।

ਆਬਕਾਰੀ ਵਿਭਾਗ ਦੇ ਇੰਸਪੈਕਟਰ ਅਮਰੀਕ ਸਿੰਘ, ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਭਾਗ ਦੀ ਪੁਲਿਸ ਤੋਂ ਇਲਾਵਾ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦੀਪਕ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਸਮੇਤ ਪਿੰਡ ਹਰਬੰਸਪੁਰਾ 'ਚ ਅੱਜ ਛਾਪੇਮਾਰੀ ਕੀਤੀ ਗਈ। ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ 3400 ਕਿੱਲੋ ਲਾਹਣ, 200 ਕਿਲੋ ਵਾਲੇ 18 ਡਰੰਮ ਅਤੇ 60 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਜਦੋਂਕਿ ਇਸ ਦੌਰਾਨ ਕਰਨਜੀਤ ਸਿੰਘ ਪੁੱਤਰ ਕਾਬਲ ਸਿੰਘ ਨੂੰ ਗਿ੍ਫਤਾਰ ਕਰਨ ਦੇ ਨਾਲ ਨਾਲ ਥਾਣਾ ਸਰਾਏ ਅਮਾਨਤ ਖਾਂ ਵਿਚ ਦਰਜ ਕੀਤੇ ਗਏ ਕੇਸ ਵਿਚ ਬੀਰ ਸਿੰਘ ਪੁੱਤਰ ਚਰਨ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।