ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਨਗਰੀ ਰਮਦਾਸ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚੱਲੀ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਨ
Publish Date: Mon, 31 Aug 2026 06:08 PM (IST)
Updated Date: Mon, 31 Aug 2026 06:10 PM (IST)
ਨਗਰ ਕੌਂਸਲ ਦੇ ਈਓ, ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹੋਏ ਸ਼ਾਮਿਲ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਨਗਰੀ ਰਮਦਾਸ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਸਫ਼ਾਈ ਅਭਿਆਨ ਦੀ ਅਗਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਵਾਈ ਗਈ ਅਤੇ ਇਕੱਠੇ ਹੋਏ ਕੂੜੇ ਨੂੰ ਮੌਕੇ ਤੋਂ ਹਟਾ ਕੇ ਨਿਰਧਾਰਤ ਸਥਾਨ ’ਤੇ ਪਹੁੰਚਾਇਆ ਗਿਆ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਕਿਸੇ ਇੱਕ ਵਿਭਾਗ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਧਾਲੀਵਾਲ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਨਗਰੀ ਰਮਦਾਸ ਦਾ ਧਾਰਮਿਕ ਅਤੇ ਇਤਿਹਾਸਕ ਮਹੱਤਵ ਹੈ ਅਤੇ ਇਸ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੁੰਦਾ ਹੈ, ਬਲਕਿ ਲੋਕਾਂ ਨੂੰ ਸਿਹਤਮੰਦ ਅਤੇ ਸਾਫ਼ ਵਾਤਾਵਰਣ ਵੀ ਮਿਲਦਾ ਹੈ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਸਾਫ਼ ਰੱਖਣ ਅਤੇ ਕੂੜਾ-ਕਰਕਟ ਸੜਕਾਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣਾ ਸੰਭਵ ਨਹੀਂ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਾਰਜਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਜਿੱਥੇ ਵੀ ਸਫ਼ਾਈ ਸਬੰਧੀ ਕੋਈ ਸਮੱਸਿਆ ਸਾਹਮਣੇ ਆਵੇ, ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਸਫ਼ਾਈ ਅਭਿਆਨ ਵਿਚ ਨਗਰ ਕੌਂਸਲ ਦੇ ਈਓ, ਹੋਰ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ। ਸਾਰਿਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਿਲ ਕੇ ਕੰਮ ਕੀਤਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ ਅਤੇ ਰਮਦਾਸ ਸ਼ਹਿਰ ਨੂੰ ਹੋਰ ਸਾਫ਼, ਸੁੰਦਰ ਅਤੇ ਵਧੀਆ ਸਫ਼ਾਈ ਪ੍ਰਬੰਧਾਂ ਵਾਲਾ ਸ਼ਹਿਰ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।