ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ, ਐਡਵੋਕੇਟ ਧਾਮੀ ਨੇ ਗੁਰਪੁਰਬ ਦੀ ਦਿੱਤੀ ਵਧਾਈ
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
Publish Date: Sat, 18 Apr 2026 01:47 PM (IST)
Updated Date: Sat, 18 Apr 2026 01:48 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਗਾਇਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਕੇ ਬਾਣੀ ਬਾਣੇ ਦੀ ਧਾਰਨੀ ਹੋਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਜਸਬੀਰ ਸਿੰਘ, ਯੁਵਰਾਜ ਸਿੰਘ, ਮੀਤ ਮੈਨੇਜਰ ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।