ਪਾਣੀ ਦੀ ਬਰਬਾਦੀ ਨੂੰ ਰੋਕਣਾ ਸਮੇਂ ਦੀ ਮੁੱਖ ਲੋੜ : ਹਰਦੀਪ ਵੋਹਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਹਰਦੀਪ ਸਿੰਘ ਵੋਹਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿਨੋ-ਦਿਨ ਹੋ ਰਹੀ ਪਾਣੀ ਦੀ ਬਰਬਾਦੀ ਨੂੰ ਰੋਕਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ।
Publish Date: Tue, 01 Sep 2026 04:19 PM (IST)
Updated Date: Tue, 01 Sep 2026 04:22 PM (IST)
ਜੇ ਹੁਣ ਨਾ ਸੰਭਲੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਪਵੇਗਾ ਤਰਸਣਾ ਪਾਣੀ ਦੀ ਸੰਭਾਲ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ : ਵੋਹਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਹਰਦੀਪ ਸਿੰਘ ਵੋਹਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿਨੋ-ਦਿਨ ਹੋ ਰਹੀ ਪਾਣੀ ਦੀ ਬਰਬਾਦੀ ਨੂੰ ਰੋਕਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਪਾਣੀ ਮਨੁੱਖੀ ਜੀਵਨ ਦਾ ਅਨਮੋਲ ਸਰੋਤ ਹੈ ਤੇ ਇਸ ਤੋਂ ਬਿਨਾਂ ਧਰਤੀ ’ਤੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਪਾਣੀ ਦੀ ਹਰ ਬੂੰਦ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਵੋਹਰਾ ਨੇ ਕਿਹਾ ਸ਼ਹਿਰਾਂ ਅਤੇ ਪਿੰਡਾਂ ਵਿਚ ਅਕਸਰ ਲੋਕ ਘਰੇਲੂ ਕੰਮਾਂ, ਗੱਡੀਆਂ ਧੋਣ, ਸੜਕਾਂ ’ਤੇ ਪਾਣੀ ਛਿੜਕਣ ਅਤੇ ਹੋਰ ਕੰਮਾਂ ਲਈ ਲੋੜ ਤੋਂ ਵੱਧ ਪਾਣੀ ਦੀ ਵਰਤੋਂ ਕਰਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਪਾਣੀ ਦੀਆਂ ਪਾਈਪਾਂ ਲੀਕ ਹੋਣ ਅਤੇ ਸਰਕਾਰੀ ਪਾਣੀ ਦੀਆਂ ਪਾਈਪ ਲਾਈਨਾਂ ਵਿੱਚ ਹੋ ਰਹੀ ਬਰਬਾਦੀ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਜੇਕਰ ਇਸ ਰੁਝਾਨ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਭਵਿੱਖ ਦੀਆਂ ਪੀੜ੍ਹੀਆਂ ਲਈ ਸਾਫ਼ ਪਾਣੀ ਦੀ ਉਪਲਬਧਤਾ ਇਕ ਵੱਡੀ ਚੁਣੌਤੀ ਬਣ ਸਕਦੀ ਹੈ। ਇਸ ਲਈ ਸਰਕਾਰ ਦੇ ਨਾਲ-ਨਾਲ ਹਰੇਕ ਨਾਗਰਿਕ ਨੂੰ ਪਾਣੀ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ। ਵੋਹਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕੀਤੀ ਜਾਵੇ, ਪਾਣੀ ਦੀਆਂ ਲੀਕ ਹੋ ਰਹੀਆਂ ਪਾਈਪਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤੇ ਬਰਸਾਤੀ ਪਾਣੀ ਨੂੰ ਸੰਭਾਲਣ ਲਈ ਰੇਨ ਵਾਟਰ ਹਾਰਵੈਸਟਿੰਗ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੀ ਛੋਟੀ ਉਮਰ ਤੋਂ ਹੀ ਪਾਣੀ ਦੀ ਮਹੱਤਤਾ ਤੇ ਇਸ ਦੀ ਸੰਭਾਲ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ ਪਾਣੀ ਬਚਾਉਣਾ ਸਿਰਫ਼ ਅੱਜ ਦੀ ਲੋੜ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਦੀ ਗਾਰੰਟੀ ਹੈ। ਜੇਕਰ ਹਰ ਵਿਅਕਤੀ ਪਾਣੀ ਦੀ ਇੱਕ-ਇੱਕ ਬੂੰਦ ਦੀ ਕਦਰ ਕਰੇ ਤਾਂ ਪਾਣੀ ਦੀ ਬਰਬਾਦੀ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।