ਸੁਖਬੀਰ ਬਾਦਲ ਦਾ ਵੱਡਾ ਦੋਸ਼: ਸਰਕਾਰ DM ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼
ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਇਸ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦੀਆਂ ਹਨ। ਹਾਲਾਂਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਸ ਦੇ ਉਲਟ ਜਾਣਾ ਸਮਝ ਤੋਂ ਬਾਹਰ ਹੈ।
Publish Date: Sat, 28 Mar 2026 08:49 AM (IST)
Updated Date: Sat, 28 Mar 2026 08:52 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ : ਅੰਮ੍ਰਿਤਸਰ : ਪੰਜਾਬ ਸਰਕਾਰ ਸਾਬਕਾ ਵੇਅਰਹਾਊਸ ਡੀਐਮ ਗਗਨਦੀਪ ਸਿੰਘ ਦੇ ਖੁਦਕੁਸ਼ੀ ਮਾਮਲੇ ਨੂੰ ਬਹੁਤ ਹਲਕੇ ਵਿਚ ਲੈ ਰਹੀ ਹੈ ਕਿਉਂਕਿ ਉਹ ਹਰ ਕੀਮਤ 'ਤੇ ਲਾਲਜੀਤ ਸਿੰਘ ਭੁੱਲਰ ਨੂੰ ਬਚਾਉਣਾ ਚਾਹੁੰਦੀ ਹੈ। ਇਹ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਸਮੇਂ ਕੀਤੇ। ਸੁਖਬੀਰ ਬਾਦਲ ਨੇ ਸ਼ੁੱਕਰਵਾਰ ਦੁਪਹਿਰ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਗਗਨਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ਪੀੜਤ ਪਰਿਵਾਰ ਨੂੰ ਅਸਵੀਕਾਰਨਯੋਗ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਇਸ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦੀਆਂ ਹਨ। ਹਾਲਾਂਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਸ ਦੇ ਉਲਟ ਜਾਣਾ ਸਮਝ ਤੋਂ ਬਾਹਰ ਹੈ। ਉਹ ਜਾਣਦੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਕੋਲ ਖੁਦਕੁਸ਼ੀ ਮਾਮਲੇ ਵਿਚ ਰਾਜਾ ਵੜਿੰਗ ਵਿਰੁੱਧ ਕੁਝ ਸਬੂਤ ਹਨ। ਉਨ੍ਹਾਂ ਕਿਹਾ ਕਿ ਇਕ ਮੰਤਰੀ ਕਾਰਨ ਇਕ ਸਰਕਾਰੀ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨਾ ਇੱਕ ਗੰਭੀਰ ਮਾਮਲਾ ਹੈ। ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਾ ਤਾਂ ਉਹਨਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਨਿੱਜੀ ਸਹਾਇਕ ਦਿਲਬਾਗ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ 'ਤੇ ਭੁੱਲਰ ਨੂੰ ਵੀਆਈਪੀ ਸਹੂਲਤਾਂ ਦੇਣ ਦਾ ਵੀ ਦੋਸ਼ ਲਾਇਆ।