ਜਸਪਾਲ ਸਿੰਘ ਜੱਸੀ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਤਰਨਤਾਰਨ ਪਹੁੰਚੇ।

ਉਨ੍ਹਾਂ ਨੇ ਸਰਕਾਰ ਵੱਲੋਂ ਐਲਾਨੀ ਨਿਆਂਇਕ ਜਾਂਚ ਨੂੰ ਖਾਰਜ ਕਰਦਿਆਂ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਮੁੱਖ ਮੰਤਰੀ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹ੍ਹਾਂ ਕਿਹਾ ਕਿ ਇਹ ਜਾਂਚ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਨੂੰ ਬਚਾਉਣ ਲਈ ਲਾਈ ਗਈ ਹੈ ਤੇ ਜੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਵੇਗਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਲਈ 25-25 ਲੱਖ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਾਪਰੀ ਨਕਲੀ ਸ਼ਰਾਬ ਦੀ ਇਸ ਤ੍ਰਾਸਦੀ ਲਈ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਹੋਰ ਆਗੂਆਂ ਨੂੰ ਸੂਬੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਲਈ ਦਿੱਤੀ ਗਈ ਖੁੱਲ੍ਹ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਨਹੀਂ ਬਲਕਿ ਸਿੱਧੇ ਤੌਰ 'ਤੇ ਕਤਲ ਹੈ ਅਤੇ ਮੰਤਰੀਆਂ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਭਿਆਨਕ ਅਪਰਾਧ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।