ਜੰਡਿਆਲਾ ਗੁਰੂ ਦੇ ਪਿੰਡ ਜਬੋਵਾਲ 'ਚ ਦਹਿਸ਼ਤ: ਦੁਕਾਨ ਬੰਦ ਕਰਕੇ ਘਰ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ
ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿੱਚ ਬੀਤੀ ਰਾਤ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 32 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਉਰਫ਼ ਮੰਨਾ (32) ਵਜੋਂ ਹੋਈ ਹੈ। ਮਨਜਿੰਦਰ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ 5 ਮਹੀਨਿਆਂ ਦਾ ਛੋਟਾ ਬੱਚਾ ਹੈ।
Publish Date: Sat, 13 Jun 2026 10:24 AM (IST)
Updated Date: Sat, 13 Jun 2026 10:25 AM (IST)

ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ, ਟਾਂਗਰਾ : ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿੱਚ ਬੀਤੀ ਰਾਤ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 32 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਉਰਫ਼ ਮੰਨਾ (32) ਵਜੋਂ ਹੋਈ ਹੈ। ਮਨਜਿੰਦਰ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ 5 ਮਹੀਨਿਆਂ ਦਾ ਛੋਟਾ ਬੱਚਾ ਹੈ।
ਹਮਲਾਵਰਾਂ ਵੱਲੋਂ ਕਰੀਬ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ ਗਈਆਂ
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਵਾਪਰੀ। ਮਨਜਿੰਦਰ ਸਿੰਘ ਰੋਜ਼ਾਨਾ ਵਾਂਗ ਰਾਤ ਸਮੇਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਘਰ ਦੇ ਨਜ਼ਦੀਕ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਉੱਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਹਮਲਾਵਰਾਂ ਵੱਲੋਂ ਕਰੀਬ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 3 ਤੋਂ 4 ਗੋਲੀਆਂ ਮਨਜਿੰਦਰ ਸਿੰਘ ਦੀ ਪਿੱਠ ਵਿੱਚ ਜਾ ਲੱਗੀਆਂ ਅਤੇ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ, ਪੁਲਿਸ ਜਾਂਚ 'ਚ ਜੁਟੀ
ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ। ਜ਼ਖ਼ਮੀ ਮਨਜਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।