ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸੱਚਖੰਡ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਦੀ ਸ਼ੁਰੂਆਤ ਅਤੇ ਸਫ਼ਲਤਾ ਦੀ ਅਰਦਾਸ ਕੀਤੀ। ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਹੋਇਆ। ਕੀਰਤਨ ਉਪਰੰਤ ਅਰਦਾਸ ਕੀਤੀ ਗਈ। ਅਰਦਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਸ਼ਾਮਲ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸੀਨੀਅਰ ਆਗੂ ਇਸ ਅਰਦਾਸ ਸਮਾਗਮ ਵਿਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਗਨ ਸਕੀਮਾ, ਪੈਨਸ਼ਨਾਂ, ਆਟਾ ਦਾਲ ਆਦਿ ਜਿਹੜੀਆਂ ਸਕੀਮਾਂ ਬੰਦ ਹੋਈਆਂ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਅਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ । ਪੰਜਾਬ ਦੇ ਲੋਕ ਲਾਅਰੇ ਲਗਾਉਣ ਵਾਲਿਆਂ ਤੇ ਭਰੋਸਾ ਨਾ ਕਰਨ।

Posted By: Tejinder Thind