ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲਡ਼ੀ ਤਹਿਤ ਗੁਰਦੁਆਰਾ ਸ੍ਰੀ ਨਾਨਕਸਰ ਪਿੰਡ ਸੌਡ਼ੀਆਂ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ-ਸੰਚਾਰ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲਡ਼ੀ ਤਹਿਤ ਗੁਰਦੁਆਰਾ ਸ੍ਰੀ ਨਾਨਕਸਰ ਪਿੰਡ ਸੌਡ਼ੀਆਂ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ-ਸੰਚਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹਰ ਹਲਕੇ ’ਚ ਅੰਮ੍ਰਿਤ-ਸੰਚਾਰ ਤੇ ਗੁਰਮਤਿ ਸਮਾਗਮਾਂ ਦੀ ਲਡ਼ੀ ਆਰੰਭੀ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਬੀਬੀ ਬਲਵਿੰਦਰ ਕੌਰ ਲੋਪੋਕੇ ਵੱਲੋਂ ਕਰਵਾਇਆ ਗਿਆ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾਡ਼ੇ ਨਵੀਂ ਪੀਡ਼੍ਹੀ ਨੂੰ ਆਪਣੇ ਧਰਮ ਇਤਿਹਾਸ ਨਾਲ ਜੋਡ਼ਣ ਵਿਚ ਅਤਿ ਅਹਿਮ ਹੁੰਦੇ ਹਨ। 30 ਅਕਤੂਬਰ ਨੂੰ ਆ ਰਹੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਖ਼ਾਲਸਾ ਪੰਥ ਵੱਲੋਂ ਪੰਥਕ ਜਜ਼ਬੇ ਨਾਲ ਮਨਾਈ ਜਾਵੇਗੀ, ਜਿਸ ਤਹਿਤ ਵੱਖ-ਵੱਖ ਹਲਕਿਆਂ ਅੰਦਰ ਸਮਾਗਮ ਕਰ ਕੇ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਹਲਕਾ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ਤਾਬਦੀ ਪ੍ਰਤੀ ਹਲਕੇ ਦੀਆਂ ਸੰਗਤਾਂ ਅੰਦਰ ਭਰਵਾਂ ਉਤਸ਼ਾਹ ਹੈ ਜਿਸ ਦੀ ਮਿਸਾਲ ਅੱਜ ਦੇ ਗੁਰਮਤਿ ਸਮਾਗਮ ਵਿਚ ਸੰਗਤ ਦੀ ਭਰਵੀਂ ਹਾਜ਼ਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਖ਼ਾਸ ਕਰ ਕੇ ਸਿੱਖ ਨੌਜਵਾਨੀ ਨੂੰ ਸਿੱਖ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਸਮਾਗਮ ਵਿਚ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਪ੍ਰਚਾਰਕਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਵੀਰ ਸਿੰਘ ਲੋਪੋਕੇ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ, ਮੰਗਵਿੰਦਰ ਸਿੰਘ ਖਾਪਡ਼ਖੇਡ਼ੀ, ਬਾਵਾ ਸਿੰਘ ਗੁਮਾਨਪੁਰਾ, ਰਾਣਾ ਰਣਬੀਰ ਸਿੰਘ ਲੋਪੋਕੇ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਖਰਾਜ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਆਦਿ ਮੌਜੂਦ ਸਨ।