ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ’ਚ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਅਜਿਹੀਆਂ ਸ਼ਖ਼ਸੀਅਤਾਂ ਵਿਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ। ਉਨ੍ਹਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਹ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਪੁਰਖ ਸਨ। ਸਹਿਜ, ਸੰਜਮ ਦੇ ਧਾਰਨੀ ਇਨ੍ਹਾਂ ਮਹਾਪੁਰਖਾਂ ਨੇ ਜਿਥੇ ਨਾਮ ਸਿਮਰਨ ਨਾਲ ਆਪਣਾ ਜੀਵਨ ਸਫ਼ਲ ਕੀਤਾ, ਉਥੇ ਹੀ ਸੰਗਤਾਂ ਨੂੰ ਵੀ ਉੱਤਮ ਜੀਵਨ ਜਿਊਣ ਲਈ ਗੁਰਬਾਣੀ ਨਾਲ ਜੁੜਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਗਿਆਨੀ ਰਾਜਦੀਪ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਿਧਾਇਕ, ਹਰਭਜਨ ਸਿੰਘ ਮਸਾਣਾਂ, ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮਰਜੀਤ ਸਿੰਘ, ਆਗਿਆਕਾਰ ਸਿੰਘ ਵਡਾਲਾ, ਚਰਨਜੀਤ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਬੈਂਸ ਆਦਿ ਹਾਜ਼ਰ ਸਨ।

Posted By: Jatinder Singh