- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਵੀ ਫ਼ੈਸਲਾ ਲਿਆ ਗਿਆ ਕਿ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਉਫ਼ ਪੰਥਕ ਪੱਧਰ ’ਤੇ ਸੰਘਰਸ਼ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਇਕ ਮਤਾ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਸਮੂਹ ਜਥੇਬੰਦੀਆਂ ਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਐਤਵਾਰ ਨੂੰ ਬੁਲਾਏ ਗਏ ਪੰਥਕ ਸੰਮੇਲਨ ’ਚ ਸਮੂਹ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਬੰਧੀ ਜਾਰੀ ਹੁਕਮ ਸਰਬਸੰਮਤੀ ਨਾਲ ਪ੍ਰੋੜ੍ਹਤਾ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਇਸ ਵਿਸ਼ਾਲ ਪੰਥਕ ਇਕੱਠ ’ਚ ਮੌਜੂਦ ਸਿੱਖ ਜਥੇਬੰਦੀਆਂ, ਸੰਤਾਂ ਤੇ ਬੁੱਧੀਜੀਵੀਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਸਭ ਤੋਂ ਉੱਪਰ ਹੈ। ਸਾਰਿਆਂ ਨੇ ਇਕਸੁਰ ਹੋ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਆਪਣੀ ਟਿੱਪਣੀ ਲਈ ਜਨਤਕ ਤੌਰ ’ਤੇ ਮਾਫ਼ੀ ਮੰਗਣ ਤੇ ਇਖ਼ਾਲਾਕੀ ਆਧਾਰ ’ਤੇ ਅਹੁਦੇ ਤੋਂ ਅਸਤੀਫ਼ਾ ਦੇਣ। ਇਹ ਵੀ ਫ਼ੈਸਲਾ ਲਿਆ ਗਿਆ ਕਿ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਉਫ਼ ਪੰਥਕ ਪੱਧਰ ’ਤੇ ਸੰਘਰਸ਼ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਇਕ ਮਤਾ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਸਮੂਹ ਜਥੇਬੰਦੀਆਂ ਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਸੱਚਾ ਤਖ਼ਤ ਹੈ, ਜਿਸ ਦੀ ਸਰਬਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੀ ਪ੍ਰੋੜ੍ਹਤਾ ਲਈ ਸਮੁੱਚੇ ਪੰਥ ਦਾ ਇਕਜੁਟ ਹੋਣਾ ਉਨ੍ਹਾਂ ਲੋਕਾਂ ਨੂੰ ਜਵਾਬ ਹੈ, ਜੋ ਇਸ ਦੀ ਮਾਣ-ਮਰਿਆਦਾ ਤੇ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਆਪਣੀ ਹਓਮੈ ਛੱਡ ਕੇ ਇਸ ਤਖ਼ਤ ’ਤੇ ਆਪਣੇ ਨੂੰ ਸਮਰਪਣ ਕੀਤਾ ਹੈ, ਉਹ ਹਮੇਸ਼ਾ ਨਿਰਮਲ ਹੋ ਕੇ ਗਿਆ ਹੈ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ। ਸਮੇਂ ਦੀਆਂ ਹਕੂਮਤਾਂ ਵੱਲੋਂ ਕਈ ਵਾਰ ਇਸ ਤਖ਼ਤ ’ਤੇ ਹਮਲੇ ਹੋਏ, ਜਿਸ ਦਾ ਖ਼ਾਲਸੇ ਨੇ ਹਮੇਸ਼ਾ ਡਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਤਾਕਤਾਂ ਭਰਮ ਪਾਲ ਬੈਠੀਆਂ ਹਨ, ਉਨ੍ਹਾਂ ਨੂੰ ਇਤਿਹਾਸ ਨਹੀਂ ਭੁੱਲਣਾ ਚਾਹੀਦਾ ਕਿ ਵੱਡਿਆਂ-ਵੱਡਿਆਂ ਨੂੰ ਵੀ ਅਖ਼ੀਰ ਇਸ ਤਖ਼ਤ ’ਤੇ ਝੁਕਣਾ ਪਿਆ ਸੀ। ਜਥੇਦਾਰ ਗੜਗੱਜ ਨੇ ਸਿੱਖ ਸੰਸਥਾਵਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਚੰਡੀਗੜ੍ਹ ਤੇ ਮੋਹਾਲੀ ’ਚ ਬਾਹਰੋਂ ਆ ਕੇ ਜੋ ਲੋਕ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਜੇਲ੍ਹ ’ਚ ਬੰਦ ਕੀਤਾ ਜਾਵੇ। ਜੇ ਇਹ ਵਰਤਾਰਾ ਬੰਦ ਨਾ ਹੋਇਆ ਤਾਂ ਖਾਲਸਾ ਪੰਥ ਆਪ ਐਕਸ਼ਨ ਲੈਣ ਲਈ ਮਜਬੂਰ ਹੋਵੇਗਾ।
ਇਸੇ ਦੌਰਾਨ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਸਰਕਾਰਾਂ ਆਪ ਹੁਦਰੇਪਣ ਨਾਲ ਕਾਨੂੰਨ ਬਣਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਯਤਨ ਕਰ ਰਹੀਆਂ ਹਨ। ਖ਼ਾਲਸਾ ਪੰਥ ਨੂੰ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਅਜਿਹੇ ਏਜੰਡਿਆਂ ਤੋਂ ਸੁਚੇਤ ਹੋ ਕੇ ਇਕਜੁਟਤਾ ਨਾਲ ਟਾਕਰਾ ਕਰਨ ਦੀ ਲੋੜ ਹੈ।
ਨਿਹੰਗ ਸਿੰਘ ਦਲਾਂ ਵੱਲੋਂ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਬਾਬਾ ਮੇਜਰ ਸਿੰਘ ਸੋਢੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।
24 ਜੁਲਾਈ ਨੂੰ ਚਲਾਈ ਜਾਵੇਗੀ ਖ਼ਾਲਸਾ ਵਹੀਰ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਕਿਹਾ ਕਿ ਨੌਜੁਆਨੀ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਚਲਾਈ ਜਾਵੇਗੀ, ਜਿਸ ਦਾ ਮਕਸਦ ਧਰਮ ਦੇ ਪ੍ਰਚਾਰ ਪ੍ਰਸਾਰ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ। ੳੇੁਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹਰ ਸਾਲ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਮਨਾਉਣ ਲਈ ਵੀ ਆਖਿਆ।
ਇਸੇ ਦੌਰਾਨ ਬਾਬਾ ਸੁਖਦੇਵ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਐਡਵੋਕੇਟ ਪੂਰਨ ਸਿੰਘ ਹੁੰਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਕਿਸਾਨ ਆਗੂ ਹਰਿੰਦਰ ਸਿੰਘ ਲੱਖੇਵਾਲ, ਬਲਬੀਰ ਸਿੰਘ ਰਾਜੇਵਾਲ, ਬਾਬਾ ਹਾਕਮ ਸਿੰਘ ਨਿਰਮਲੇ ਸੰਪ੍ਰਦਾ, ਅਮਰੀਕ ਸਿੰਘ ਬੱਲੋਵਾਲ, ਕਥਾਵਾਚਕ ਭਾਈ ਜਸਵੰਤ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਵੀ ਸੰਬੋਧਨ ਕੀਤਾ।