- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਦੇ ਨਾਂ ਦੀ ਚਰਚਾ ਵੀ ਚੱਲੀ ਸੀ, ਪਰ ਹੁਣ ਧਾਮੀ ਦੇ ਨਾਂ ’ਤੇ ਮੁੜ ਮੋਹਰ ਲੱਗਣ ਦੇ ਆਸਾਰ ਜਤਾਏ ਜਾ ਰਹੇ ਹਨ। ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ ਪੰਜ ਸਾਲ ਪ੍ਰਧਾਨ ਰਹੇ ਧਾਮੀ ਨੇ ਗਰਮ ਅਤੇ ਨਰਮ ਖ਼ਿਆਲੀ ਧਿਰਾਂ ਸਮੇਤ ਪੰਥ ਦੀਆਂ ਵੱਖ-ਵੱਖ ਧਿਰਾਂ ਨੂੰ ਨਾਲ ਲੈ ਕੇ ਪੰਥਕ ਏਕਤਾ ਲਈ ਯਤਨ ਕੀਤੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ 20 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ਦੀ ਚਰਚਾ ਤੇਜ਼ ਹੋ ਗਈ ਹੈ। ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਦੇ ਨਾਂ ਦੀ ਚਰਚਾ ਵੀ ਚੱਲੀ ਸੀ, ਪਰ ਹੁਣ ਧਾਮੀ ਦੇ ਨਾਂ ’ਤੇ ਮੁੜ ਮੋਹਰ ਲੱਗਣ ਦੇ ਆਸਾਰ ਜਤਾਏ ਜਾ ਰਹੇ ਹਨ।
ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ ਪੰਜ ਸਾਲ ਪ੍ਰਧਾਨ ਰਹੇ ਧਾਮੀ ਨੇ ਗਰਮ ਅਤੇ ਨਰਮ ਖ਼ਿਆਲੀ ਧਿਰਾਂ ਸਮੇਤ ਪੰਥ ਦੀਆਂ ਵੱਖ-ਵੱਖ ਧਿਰਾਂ ਨੂੰ ਨਾਲ ਲੈ ਕੇ ਪੰਥਕ ਏਕਤਾ ਲਈ ਯਤਨ ਕੀਤੇ।
ਇਸ ਸਾਲ ਸਿੱਖੀ ਦੇ ਪ੍ਰਚਾਰ ਲਈ ਇੰਗਲੈਂਡ ਦੇ ਬਰਮਿੰਘਮ ਵਿੱਚ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ। ਇਸ ਤੋਂ ਇਲਾਵਾ ਧਾਮੀ ਦੀ ਅਗਵਾਈ ਹੇਠ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿੱਚ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਦੀ ਸਥਾਪਨਾ ਲਈ ਆਰਕੀਟੈਕਟਾਂ ਤੇ ਸਿੱਖ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਪ੍ਰਵਾਨਗੀਆਂ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਸ੍ਰੀ ਗੁਰੂ ਰਾਮਦਾਸ ਹਸਪਤਾਲ, ਵੱਲ੍ਹਾ ਵਿੱਚ ਵੀ ਇਹ ਸੇਵਾ ਜਾਰੀ ਹੈ। ਨੇਪਾਲ ਵਿੱਚ ਹੜ੍ਹਾਂ ਦੌਰਾਨ ਪੀੜਤਾਂ ਨੂੰ ਆਰਥਿਕ ਸਹਾਇਤਾ, ਲੰਗਰ ਅਤੇ ਮੁੜ ਵਸੇਬੇ ਲਈ ਮਦਦ ਦਿੱਤੀ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਚਾਰ ਨਵੀਆਂ ਸਰਾਵਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਇਸ ਸਾਲ 300 ਤੋਂ ਵੱਧ ਕਮਰੇ ਤਿਆਰ ਹੋਣਗੇ। ਨੌਜਵਾਨਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਯੂਪੀਐੱਸਸੀ ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਦੀ ਲੜੀ ਚਲਾਈ ਗਈ।