‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ
Publish Date: Tue, 15 Sep 2026 07:20 PM (IST)
Updated Date: Tue, 15 Sep 2026 07:23 PM (IST)
16 ਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਹੋਵੇਗਾ ਨਾਟਕ ਦਾ ਮੰਚਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਿਲਆ ਹੈ। ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।