ਵੀਡੀਓ ਵਿਵਾਦ : ਜਥੇਦਾਰ ਵੱਲੋਂ ਸਪੱਸ਼ਟ, ਫੋਰੈਂਸਿਕ ਜਾਂਚ ਤੋਂ ਬਾਅਦ ਹੀ ਸੰਗਤ ਦੀ ਕਚਹਿਰੀ 'ਚ ਰੱਖਿਆ ਜਾਵੇਗਾ ਪੱਖ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਕਾਰਵਾਈ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਦੇ ਮਾਮਲਿਆਂ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੱਤਰੇਤ ਵਿਚ ਸਪੱਸ਼ਟੀਕਰਨ ਦਿੱਤਾ ਹੈ।
Publish Date: Fri, 16 Jan 2026 11:29 AM (IST)
Updated Date: Fri, 16 Jan 2026 11:30 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਕਾਰਵਾਈ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਦੇ ਮਾਮਲਿਆਂ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੱਤਰੇਤ ਵਿਚ ਸਪੱਸ਼ਟੀਕਰਨ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਮਾਨ ਪਾਸੋਂ ਉਨ੍ਹਾਂ ਬਾਰੇ ਪੁੱਜੀਆਂ ਸ਼ਿਕਾਇਤਾਂ ਵਿਚ ਲੱਗੇ ਵੱਖ-ਵੱਖ ਦੋਸ਼ਾਂ ਦਾ ਇਕ-ਇਕ ਕਰ ਕੇ ਸਪੱਸ਼ਟੀਕਰਨ ਲਿਆ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਭਾਵ ਨਾਲ ਪ੍ਰਵਾਨ ਕਰਦਿਆਂ ਇਹ ਮਹਿਸੂਸ ਕੀਤਾ ਹੈ ਕਿ ਬੀਤੇ ਸਮੇਂ ਦੌਰਾਨ ਕੁਝ ਗ਼ਲਤਬਿਆਨੀਆਂ ਹੋਈਆਂ ਹਨ ਅਤੇ ਇਕ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਵੀ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਗੱਲ ਤੋਂ ਵਰਜਿਆ ਗਿਆ ਹੈ ਕਿ ਉਹ ਅਗਾਂਹ ਤੋਂ ਸਿੱਖ ਰਵਾਇਤਾਂ, ਗੁਰੂ ਦੀ ਗੋਲਕ, ਮਰਿਆਦਾ, ਸਿਧਾਂਤਾਂ ਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਬਾਰੇ ਇਸ ਤਰ੍ਹਾਂ ਨਾ ਬੋਲਣ। ਮੁੱਖ ਮੰਤਰੀ ਨੇ ਜੋ ਵੀ ਸਪੱਸ਼ਟੀਕਰਨ ਦਿੱਤਾ ਹੈ, ਉਸ ਨੂੰ ਦਰਜ ਕਰ ਲਿਆ ਗਿਆ ਹੈ, ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।
ਮੁੱਖ ਮੰਤਰੀ ਮਾਨ ਨੂੰ ਸ਼੍ਰੋਮਣੀ ਕਮੇਟੀ ਦੀ ਆਮਦਨ ਅਤੇ ਖ਼ਰਚਿਆਂ ਨਾਲ ਸਬੰਧਤ ਰਿਕਾਰਡ ਪ੍ਰਕਾਸ਼ਤ ਕਰਨ ਵਾਲੇ ਮਹੀਨਾਵਾਰ ਰਸਾਲੇ ਗੁਰਦੁਆਰਾ ਗਜ਼ਟ ਦੀ ਕਾਪੀ ਖ਼ਾਸ ਤੌਰ ਉੱਤੇ ਦਿੰਦਿਆਂ ਆਖਿਆ ਕਿ ਉਹ ਇਨ੍ਹਾਂ ਦਸਤਾਵੇਜ਼ਾਂ ਨੂੰ ਜ਼ਰੂਰ ਪੜ੍ਹਣ ਤੇ ਸਮਝਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਨਹੀਂ, ਇਸ ਲਈ ਉਨ੍ਹਾਂ ਨੂੰ ਬਿਨਾਂ ਜਾਣਕਾਰੀ ਮਰਿਆਦਾ ਦੇ ਸਬੰਧ ਵਿਚ ਕੁਝ ਨਹੀਂ ਬੋਲਣਾ ਚਾਹੀਦਾ ਸੀ। ਇਸੇ ਤਰ੍ਹਾਂ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਆਖਿਆ ਗਿਆ ਹੈ ਕਿ ਉਹ ਪੰਜਾਬ ਸਰਕਾਰ ਦੀ ਤਰਫ਼ੋਂ ਕੋਈ ਦੋ ਫੋਰੈਂਸਿਕ ਲੈਬਾਂ ਦੱਸਣ, ਜਿੱਥੋਂ ਵੀਡੀਓ ਦੀ ਜਾਂਚ ਕਰਵਾਈ ਜਾ ਸਕੇ। ਸਰਕਾਰ ਦੀ ਤਰਫੋਂ ਸੁਝਾਈਆਂ ਜਾਣ ਵਾਲੀਆਂ ਲੈਬਾਂ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਪਣੇ ਤੌਰ ਉੱਤੇ ਵੀ ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਰਿਪੋਰਟ ਸਾਹਮਣੇ ਆਵੇਗੀ, ਨੂੰ ਖ਼ਾਲਸਾ ਪੰਥ ਦੇ ਸਨਮੁੱਖ ਰੱਖ ਕੇ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੀਡੀਓ ਵਾਲਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੈ ਅਤੇ ਜ਼ਰੂਰੀ ਹੈ ਕਿ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਇਸ ਲਈ ਵੀਡੀਓ ਦੀ ਫੋਰੈਂਸਿਕ ਜਾਂਚ ਜ਼ਰੂਰੀ ਹੈ। ਮੁੱਖ ਮੰਤਰੀ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸਵਾਲ ਦੇ ਜਵਾਬ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਵੀ ਇਹ ਆਦੇਸ਼ ਕੀਤਾ ਜਾ ਚੁੱਕਾ ਹੈ ਇਸ ਮਾਮਲੇ ਉੱਤੇ ਕਿਸੇ ਤਰ੍ਹਾਂ ਦੀ ਸਿਆਸਤ ਨਾ ਕੀਤੀ ਜਾਵੇ ਅਤੇ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਗੰਭੀਰ ਨੋਟਿਸ ਲਿਆ ਜਾਵੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਆਪਣੀ ਪੇਸ਼ੀ ਮੌਕੇ ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਸਬੰਧੀ ਕੁਝ ਦਸਤਾਵੇਜ਼ ਦਿੱਤੇ ਹਨ ਜੋ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਨੇ ਪ੍ਰਾਪਤ ਕਰ ਲਏ ਹਨ ਤੇ ਇਨ੍ਹਾਂ ਦੀ ਘੋਖ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਲਿਖਿਆ ਜਾਵੇਗਾ।