ਜਸਪਾਲ ਸਿੰਘ ਜੱਸੀ, ਤਰਨਤਾਰਨ : ਕਣਕ ਦੀ ਸਰਕਾਰੀ ਖ਼ਰੀਦ ਨੂੰ ਸ਼ੁਰੂ ਕਰਨ ਲਈ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੱਖੇ ਗਏ ਵਰਚੂਅਲ ਸਮਾਗਮ 'ਚ ਤਰਨਤਾਰਨ ਦੇ ਅਧਿਕਾਰੀ ਵੀ ਆਨਲਾਈਨ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਜਿਥੇ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਅਹਿਮ ਭੂਮਿਕਾ ਬਣੀ ਰਹੇਗੀ।

ਇਸ ਵਰਚੂਅਲ ਸਮਾਗਮ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਅਤੇ ਐੱਸਪੀ ਬਲਜੀਤ ਸਿੰਘ ਿਢੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿਚ ਕਣਕ ਦੀ ਸਰਕਾਰੀ ਖਰੀਦ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ ਜ਼ਿਲ੍ਹੇ ਵਿਚ ਕਣਕ ਦੀ ਫਸਲ ਥੋੜ੍ਹੀ ਪਛੇਤੀ ਹੋਣ ਕਾਰਨ ਅਗਲੇ ਹਫ਼ਤੇ ਤਕ ਮੰਡੀਆਂ ਵਿਚ ਕਣਕ ਦੀ ਆਮਦ ਦੇ ਜ਼ੋਰ ਫੜ੍ਹਨ ਦੀ ਆਸ ਹੈ। ਉਨ੍ਹਾਂ ਕਿਹਾ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੋਵਿਡ ਸਬੰਧੀ ਹਦਾਇਤਾਂ ਪਾਲਣਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉੁਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ 'ਤੇ ਹੱਥ ਧੋਣ ਲਈ ਪਾਣੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਨਾਜਾਇਜ਼ ਤਰੀਕੇ ਨਾਲ ਕਣਕ ਲਿਆ ਕੇ ਪੰਜਾਬ ਵਿਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਾ ਬਣਦਾ ਹੈ ਕਿ ਮੁੱਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ-ਨਾਲ ਆੜ੍ਹਤੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਵੀ ਕੀਤਾ ਹੈ। ਜਿਸ ਤੋਂ ਬਾਅਦ ਆੜ੍ਹਤੀਆਂ ਐਸੋਸੀਏਸ਼ਨ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ, ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੇ ਰੁਜ਼ਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।