ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ।

ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿੁਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਜਿਥੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਨੂੰ ਹੱਲ ਕਰਨ ਲਈ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਈਆਂ ਹਨ, ਉਥੇ ਹੀ ਹਰ ਸੰਭਵ ਕੋਸ਼ਿਸ਼ ਨਾਲ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਵੀ ਆਰੰਭੇ ਹਨ।

ਇਸ ਸੰਬਧੀ ਗੱਲਬਾਤ ਕਰਦਿਆਂ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਇਸ ਲਈ ਵੱਖ-ਵੱਖ ਭਾਸ਼ਾਵਾਂ ਵਿਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ। ਸੰਗਤਾਂ ਦੀ ਸਹੂਲਤ ਲਈ ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਦੇ ਹੋਏ ਸੁਚੇਤ ਹੋ ਕੇ ਡਿਊਟੀ ਨਿਭਾਉਣ ਤੇ ਹਰ ਤਰ੍ਹਾਂ ਨਾਲ ਦਫਤਰ ਪਰਿਕਰਮਾ ਦੇ ਨਾਲ ਸੰਪਰਕ ਵਿਚ ਰਹਿਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੁਚੇਤ ਹੋਣ ਦੇ ਨਾਲ ਸ਼ਰਾਰਤੀ ਅਨਸਰਾਂ 'ਤੇ ਵੀ ਬਾਜ਼ ਨਿਗ੍ਹਾ ਰੱਖੀ ਜਾ ਸਕਦੀ ਹੈ। ਸੰਗਤਾਂ ਨੂੰ ਗੁਰੂ ਘਰ ਦੀ ਮਰਿਆਦਾ ਦਾ ਧਿਆਨ ਰੱਖਣ ਲਈ ਵੀ ਸੇਵਾਦਾਰਾਂ ਵੱਲੋਂ ਪੇ੍ਰਿਆ ਜਾਂਦਾ ਹੈ ਅਤੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਪ੍ਰਬੰਧ ਵਿਚ ਸਹਿਯੋਗ ਕਰਨ ਅਤੇ ਗੈਰ ਸਿੱਖ ਸੰਗਤਾਂ ਨੂੰ ਮਰਿਆਦਾ ਸਬੰਧੀ ਪਿਆਰ ਨਾਲ ਸਮਝਾਉਣ।