- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੀਆਂ ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੀਆਂ ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਥਾਨਕ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੇ ਸ਼ਹਿਰ ਦੇ ਵਪਾਰ ਖੇਤਰ ਨਾਲ ਜੁੜੀਆਂ ਆਪਣੀਆਂ ਮੁੱਖ ਸਮੱਸਿਆਵਾਂ ਅਤੇ ਚੁਣੌਤੀਆਂ ਕੇਂਦਰੀ ਮੰਤਰੀ ਸਾਹਮਣੇ ਰੱਖੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵੀ ਹਾਜ਼ਰ ਸਨ। ਹਰਦੀਪ ਪੁਰੀ ਦੇ ਮੀਟਿੰਗ ਸਥਾਨ 'ਤੇ ਪਹੁੰਚਣ 'ਤੇ ਸਲਿਲ ਕਪੂਰ ਨੇ ਆਪਣੇ ਅਹੁਦੇਦਾਰਾਂ ਨਾਲ ਫੁੱਲਾਂ ਦਾ ਗੁਲਦਸਤਾ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਮੀਟਿੰਗ ਦੌਰਾਨ ਵਪਾਰੀ ਵਰਗ ਨੇ ਅੰਮ੍ਰਿਤਸਰ 'ਚ ਵਪਾਰ ਨੂੰ ਵਧਾਵਾ ਦੇਣ, ਟੈਕਸ ਪ੍ਰਣਾਲੀ ਨਾਲ ਜੁੜੀਆਂ ਅੜਚਨਾਂ, ਬੁਨਿਆਦੀ ਢਾਂਚੇ 'ਚ ਸੁਧਾਰ ਅਤੇ ਸਥਾਨਕ ਉਦਯੋਗਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨਾਲ ਜੋੜਨ ਸਬੰਧੀ ਕਈ ਮੁੱਦੇ ਉਠਾਏ ਅਤੇ ਕੇਂਦਰੀ ਮੰਤਰੀ ਨੂੰ ਆਪੋ-ਆਪਣਾ ਮੰਗ-ਪੱਤਰ ਸੌਂਪਿਆ। ਕਾਰੋਬਾਰੀਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੋਣ ਕਾਰਨ ਅੰਮ੍ਰਿਤਸਰ 'ਚ ਵਪਾਰ ਦੀਆਂ ਬੇਅੰਤ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਸਾਕਾਰ ਕਰਨ ਲਈ ਕੇਂਦਰੀ ਪੱਧਰ 'ਤੇ ਵਿਸ਼ੇਸ਼ ਸਹਿਯੋਗ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਲੰਬੇ ਸਮੇਂ ਤੋਂ ਭਾਰਤ-ਪਾਕਿਸਤਾਨ ਵਿਚਕਾਰ ਹੋਏ ਤਣਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਬੰਦ ਹੋਏ ਵਪਾਰ ਨੂੰ ਮੁੜ ਸ਼ੁਰੂ ਕਰਵਾਇਆ ਜਾਵੇ। ਹਰਦੀਪ ਸਿੰਘ ਪੁਰੀ ਨੇ ਸਾਰੇ ਨੁਮਾਇੰਦਿਆਂ ਦੀਆਂ ਗੱਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਮੰਤਰਾਲਿਆਂ ਸਾਹਮਣੇ ਉਠਾ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ 'ਚ ਵਿਸ਼ਵ ਹਾਲਾਤਾਂ 'ਚ ਉਥਲ-ਪੁਥਲ ਦੇ ਬਾਵਜੂਦ ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਦੇ ਹਿੱਤ 'ਚ ਫੈਸਲਾ ਲੈ ਕੇ ਪੈਟਰੋਲੀਅਮ ਪਦਾਰਥਾਂ ਦੇ ਮੁੱਲ ਨਹੀਂ ਵਧਣ ਦਿੱਤੇ, ਜਦਕਿ ਕੈਨੇਡਾ ਅਤੇ ਅਮਰੀਕਾ ਸਮੇਤ ਸਾਡੇ ਗੁਆਂਢੀ ਦੇਸ਼ਾਂ 'ਚ ਇਨ੍ਹਾਂ ਦੇ ਭਾਅ ਬੇਤਹਾਸ਼ਾ ਵਧ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਵੱਲੋਂ ਦੇਸ਼ 'ਚ ਇਤਿਹਾਸਕ ਵਿਕਾਸ ਕਰਵਾਇਆ ਗਿਆ ਅਤੇ ਭਾਰਤ ਨੂੰ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣਾ ਕੇ ਭਾਰਤ ਦਾ ਨਾਂ ਵਿਸ਼ਵ ਪੱਧਰ 'ਤੇ ਸੁਨਹਿਰੀ ਅੱਖਰਾਂ 'ਚ ਦਰਜ ਕਰਵਾਇਆ। ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਕੁਸ਼ਾਸਨ ਕਾਰਨ ਅੱਜ ਪੰਜਾਬ ਬਦਹਾਲ ਸਥਿਤੀ 'ਚ ਪਹੁੰਚ ਚੁੱਕਾ ਹੈ। ਪੰਜਾਬ 'ਚ ਅਰਾਜਕਤਾ ਦਾ ਮਾਹੌਲ ਬਣ ਗਿਆ ਹੈ। ਜਨਤਾ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਜਨਤਾ ਨੂੰ ਸੁਰੱਖਿਆ ਦੇਣ ਵਾਲੀ ਪੁਲਿਸ ਖੁਦ ਅਸੁਰੱਖਿਅਤ ਹੈ। ਪੁਲਿਸ ਵਾਲਿਆਂ ਅਤੇ ਥਾਣਿਆਂ 'ਤੇ ਅਪਰਾਧੀਆਂ ਵੱਲੋਂ ਸਰੇਆਮ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਨਸ਼ੇ ਦੀ ਦਲਦਲ 'ਚ ਫਸ ਚੁੱਕਾ ਹੈ। ਜਨਤਾ ਇਨ੍ਹਾਂ ਦੇ ਕੁਸ਼ਾਸਨ ਤੋਂ ਤ੍ਰਾਹੀ-ਤ੍ਰਾਹੀ ਕਰ ਰਹੀ ਹੈ। ਜਨਤਾ ਜਾਣ ਚੁੱਕੀ ਹੈ ਕਿ ਭਾਜਪਾ ਹੀ ਪੰਜਾਬ ਦਾ ਭਵਿੱਖ ਹੈ ਅਤੇ ਪੰਜਾਬ 'ਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾ ਕੇ ਹੀ ਪੰਜਾਬ, ਪੰਜਾਬੀਅਤ ਅਤੇ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਅਤੇ ਭਾਵੀ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ।