ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਨੌਜਵਾਨ ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਗੁਮਰਾਹ ਹੋ ਰਹੇ ਹਨ ਤੇ ਸਿਆਸਤ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕੁਝ ਆਗੂਆਂ ਦੇ ਪਾਰਟੀ ਛੱਡਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਸਿਆਸਤ ’ਚ ਆਉਂਣਾ-ਜਾਣਾ ਲੱਗਾ ਰਹਿੰਦਾ ਹੈ,

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਰਟੀ ਦੀ ਰਣਨੀਤੀ, ਔਰਤਾਂ ਦੀ ਰਾਜਨੀਤਿਕ ਭਾਗੀਦਾਰੀ, ਗਠਜੋੜ ਤੇ ਪੰਥਕ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਹਰ ਖੇਤਰ ’ਚ ਸਫਲ ਹੋ ਸਕਦੀਆਂ ਹਨ ਤਾਂ ਰਾਜਨੀਤੀ ’ਚ ਵੀ ਵੱਡਾ ਯੋਗਦਾਨ ਦੇ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਔਰਤਾਂ ਨੂੰ ਵੱਡੀ ਭੂਮਿਕਾ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਹਰ ਵਾਰਡ ’ਚ ਘੱਟੋ-ਘੱਟ 11 ਮੈਂਬਰੀ ਟੀਮ ਬਣਾਉਂਣ ਦੀ ਯੋਜਨਾ ਹੈ।
ਉਨ੍ਹਾਂ ਕਿਹਾ ਕਿ ਹੁਣ ਸਿਰਫ ਵੱਡੀਆਂ ਰੈਲੀਆਂ ਨਾਲ ਨਹੀਂ, ਸਗੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਣ ਦੀ ਲੋੜ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਰ ਪਾਰਟੀਆਂ ਵਾਂਗ ਹਰ ਘਰ ਦੀ ਜਾਣਕਾਰੀ ਇਕੱਠੀ ਕਰ ਕੇ ਟੈਕਨੀਕਲ ਤਰੀਕੇ ਨਾਲ ਚੋਣ ਲੜਾਈ ਲੜਨੀ ਪਵੇਗੀ, ਤਾਂ ਹੀ ਕਾਮਯਾਬੀ ਮਿਲੇਗੀ। ਗਠਜੋੜ ਦੇ ਸਵਾਲ ’ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਪਾਰਟੀ ਨਾਲ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਗਠਜੋੜ ਇਕ ਗੰਭੀਰ ਮਸਲਾ ਹੁੰਦਾ ਹੈ, ਜਿਸ ਲਈ ਸਾਰੀਆਂ ਪਾਰਟੀਆਂ ਵਿਚਾਲੇ ਬੈਠਕਾਂ ਤੇ ਸਾਂਝੀ ਰਾਏ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਸੋਚ ਵਾਲੀਆਂ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਤੇ ਪੰਥਕ ਮੁੱਦਿਆਂ ਲਈ ਕੰਮ ਕਰਨਾ ਚਾਹੀਦਾ ਹੈ।
ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਨੌਜਵਾਨ ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਗੁਮਰਾਹ ਹੋ ਰਹੇ ਹਨ ਤੇ ਸਿਆਸਤ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕੁਝ ਆਗੂਆਂ ਦੇ ਪਾਰਟੀ ਛੱਡਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਸਿਆਸਤ ’ਚ ਆਉਂਣਾ-ਜਾਣਾ ਲੱਗਾ ਰਹਿੰਦਾ ਹੈ, ਪਰ ਹਰ ਲੀਡਰ ਨੂੰ ਆਪਣੀ ਪਾਰਟੀ ਨਾਲ ਡੱਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੋਂ ਮਿਲੀ ਕਾਮਯਾਬੀ ਦਾ ਅਸਲ ਮਜ਼ਾ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥਕ ਤੇ ਧਾਰਮਿਕ ਮਸਲਿਆਂ ’ਤੇ ਸਾਰੀਆਂ ਧਿਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਵੱਡੀਆਂ ਸੰਸਥਾਵਾਂ ਦੇ ਕੰਮਾਂ ’ਚ ਬੇਲੋੜੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।