ਲੰਮੇ ਸਮੇਂ ਤੋਂ ਖਸਤਾ ਹਾਲਤ ਡੇਰਿਆਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੰਡਿਆਲਾ ਗੁਰੂ ਵਿਖੇ ਲੰਮੇ ਸਮੇਂ ਤੋਂ ਡੇਰਿਆਂ ਵੱਲ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
Publish Date: Wed, 11 Nov 2026 04:21 PM (IST)
Updated Date: Wed, 11 Nov 2026 04:24 PM (IST)
20 ਤੋਂ 25 ਘਰਾਂ ਦੇ ਵਸਨੀਕਾਂ ਨੂੰ ਮਿਲੇਗੀ ਰਾਹਤ, ਸ਼ਹਿਰ ਦੇ ਹੋਰਨਾਂ ਹਿੱਸਿਆਂ ’ਚ ਵੀ ਵਿਕਾਸ ਕਾਰਜ ਜਾਰੀ : ਸਤਿੰਦਰ ਸਿੰਘ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੰਡਿਆਲਾ ਗੁਰੂ ਵਿਖੇ ਲੰਮੇ ਸਮੇਂ ਤੋਂ ਡੇਰਿਆਂ ਵੱਲ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਰਸਤੇ ਦੇ ਬਣਨ ਨਾਲ ਇਲਾਕੇ ਦੇ ਕਰੀਬ 20 ਤੋਂ 25 ਘਰਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਲੰਮੇ ਸਮੇਂ ਤੋਂ ਕੱਚਾ ਰਸਤਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਲੰਮੇ ਸਮੇਂ ਤੋਂ ਵਿਕਾਸ ਕਾਰਜਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜਿਨ੍ਹਾਂ ਨੂੰ ਹੁਣ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਿਆਂ ਵੱਲ ਜਾਂਦਾ ਇਹ ਰਸਤਾ ਪੱਕਾ ਹੋਣ ਨਾਲ ਇੱਥੋਂ ਦੇ 20 ਤੋਂ 25 ਪਰਿਵਾਰਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਨੂੰ ਸਿਰਫ਼ ਮੁੱਖ ਸੜਕਾਂ ਅਤੇ ਬਾਜ਼ਾਰਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਪਿਛੜੇ ਰਹਿ ਗਏ ਇਲਾਕਿਆਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਰਸਤੇ, ਬਿਹਤਰ ਨਿਕਾਸੀ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਦੀਆਂ ਲੋੜਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਜਿੱਥੇ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਆ ਰਹੀ ਹੈ, ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਇਲਾਕੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਲੋੜ ਅਨੁਸਾਰ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਪ੍ਰਕਿਿਰਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦਾ ਮਕਸਦ ਜੰਡਿਆਲਾ ਗੁਰੂ ਨੂੰ ਵਿਕਾਸ ਪੱਖੋਂ ਹੋਰ ਬਿਹਤਰ ਬਣਾਉਣਾ ਅਤੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਨਗਰ ਕੌਂਸਲ ਵਾਈਸ ਪ੍ਰਧਾਨ ਅਮਨ ਵਿਰਕ, ਕੌਂਸਲਰ ਵਿਜੇ ਮੱਟੀ ਨਵਦੀਪ ਸਿੰਘ, ਚੇਅਰਮੈਨ ਰੋਬਿਨ ਪਸਹਾਣ, ਭਪਿੰਦਰ ਸਿੰਘ ਹੈਪੀ ਅਤੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।