- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4161 ਮਾਸਟਰ ਕਾਡਰ ਭਰਤੀ : 253 ਅਧਿਆਪਕਾਂ ਦੀ ਛਾਂਟੀ ਖ਼ਿਲਾਫ਼ ਬਰਨਾਲਾ ’ਚ ਭੜਕਿਆ ਰੋਸ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕਾਡਰ ਭਰਤੀ ਅਧੀਨ ਚੁਣੇ ਗਏ 253 ਅਧਿਆਪਕਾਂ ਨੂੰ ਨੌਕਰੀਓਂ ਕੱਢਣ ਦੇ ਜਾਰੀ ਕੀਤੇ ਟਰਮੀਨੇਸ਼ਨ ਆਰਡਰਾਂ ਖ਼ਿਲਾਫ਼ ਬਰਨਾਲਾ ਵਿਖੇ ਸਮੂਹ ਅਧਿਆਪਕ ਜੱਥੇਬੰਦੀਆਂ ਨੇ ਇੱਕਜੁੱਟ ਹੋ ਕੇ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਪੀੜਤ ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਇਸ ਲੋਕ-ਵਿਰੋਧੀ ਫ਼ੈਸਲੇ ਦੀਆਂ ਧੱਜੀਆਂ ਉਡਾਈਆਂ। ਰੋਸ ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਅਧਿਆਪਕਾਂ ਨੇ ਸਰਕਾਰ ਵੱਲੋਂ ਜਾਰੀ ਕੀਤੇ ਟਰਮੀਨੇਸ਼ਨ ਪੱਤਰਾਂ ਦੀਆਂ ਕਾਪੀਆਂ ਸ਼ਰੇਆਮ ਫੂਕੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਛਾਂਟੀ ਕੀਤੇ ਸਾਰੇ 253 ਅਧਿਆਪਕਾਂ ਦੇ ਟਰਮੀਨੇਸ਼ਨ ਆਰਡਰ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਪਹਿਲਾਂ ਵਾਂਗ ਸੇਵਾਵਾਂ ’ਤੇ ਬਹਾਲ ਕੀਤਾ ਜਾਵੇ। ਪੰਜਾਬ ਸਰਕਾਰ ਵਿਰੁੱਧ ਕੀਤੇ ਇਸ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਬਰਨਾਲਾ ਵੱਲੋਂ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ। ਜੱਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਸਰਕਾਰ ਧੱਕੇਸ਼ਾਹੀ ਨਾਲ ਅਧਿਆਪਕਾਂ ਦਾ ਰੁਜ਼ਗਾਰ ਖੋਹ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਹ ਜਾਬਰ ਫ਼ੈਸਲਾ ਜਲਦੀ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।