- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਗੁੰਮਟੀ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਚ ਲੋਕ ਆਮ ਆਦਮੀ ਪਾਰਟੀ ’ਚ ਸਾਮਲ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗੁੰਮਟੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਪੰਚ ਦਰਸ਼ਨ ਸਿੰਘ ਬੜਿੰਗ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ 50 ਤੋਂ ਵੱਧ ਕਿਸਾਨਾਂ ਨੇ ਟਰੈਕਟਰਾਂ ’ਤੇ ਸਵਾਰ ਹੋ ਕੇ ਮਿਸਾਲੀ ਮਾਰਚ ਕੱਢਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਭਰਵਾਂ ਸਵਾਗਤ ਕੀਤਾ। ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕਰ ਕੇ ਹੱਥ ਖੜ੍ਹੇ ਕਰ ਕੇ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜ੍ਹਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਅਤੇ ਦਿੱਤੀਆਂ ਗਾਰੰਟੀਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਦੇ ਦਿਹਾੜੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕਾ ਮਹਿਲ ਕਲਾਂ ਦੇ ਵਿਕਾਸ ਲਈ ਹੋਰ 10 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤੱਕ ਸਾਢੇ ਤਿੰਨ ਸੌ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਨਹਿਰਾਂ ਅਤੇ ਰਜਵਾਹਿਆਂ ਨੂੰ ਪੱਕਾ ਕਰਨ ਦਾ ਕੰਮ ਤਰਜੀਹੀ ਆਧਾਰ ’ਤੇ ਚੱਲ ਰਿਹਾ ਹੈ। 31 ਮਾਰਚ ਤੱਕ 18 ਫੁੱਟੀਆਂ ਸੜਕਾਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜਿਆ ਜਾਵੇਗਾ, ਕੋਈ ਵੀ ਪਿੰਡ ਕੱਚੇ ਰਸਤੇ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਲੋਕਾਂ ਦੀ ਲਹਿਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ ਕਿਉਂਕਿ ਲੋਕ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ। ਇਸ ਕਰਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸਮਾਜ ਸੇਵੀ ਜਥੇਦਾਰ ਨਾਹਰ ਸਿੰਘ ਗੁੰਮਟੀ ਵੱਲੋਂ ਗ੍ਰਾਮ ਪੰਚਾਇਤ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਪੜ੍ਹ ਕੇ ਸੁਣਾਇਆ ਗਿਆ, ਜਿਸ ’ਤੇ ਵਿਧਾਇਕ ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਸਰਪੰਚ ਦਰਸ਼ਨ ਸਿੰਘ ਬੜਿੰਗ ਨੇ ਕਿਹਾ ਕਿ ਪਿੰਡ ਗੁੰਮਟੀ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵਿਕਾਸ ਦੇ ਕੰਮਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਪਿੰਡ ਦੇ ਚਹੁੰਮੁੱਖੀ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣਗੇ। ਸਮਾਗਮ ਦੌਰਾਨ ਸਰਪੰਚ ਦਰਸ਼ਨ ਸਿੰਘ ਬੜਿੰਗ, ਨੰਬਰਦਾਰ ਨਾਜਰ ਸਿੰਘ, ਪੰਚ ਸੁਖਵਿੰਦਰ ਕੌਰ, ਜਸਵੀਰ ਕੌਰ, ਨਛੱਤਰ ਸਿੰਘ, ਕੁਲਵੰਤ ਕੌਰ, ਅਜੈਬ ਸਿੰਘ, ਕੁਲਦੀਪ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸੰਭੂ, ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਹਰਤੇਜ ਸਿੰਘ ਸਿੱਧੂ, ਹਰਜੀਤ ਸਿੰਘ ਠੁੱਲੀਵਾਲ, ਮਾਸਟਰ ਹਰਮਨਜੀਤ ਸਿੰਘ, ਇੰਦਰਜੀਤ ਸਿੰਘ ਕਾਲਾ, ਜੇਈ ਭੋਲਾ ਸਿੰਘ, ਸੁਖਜੀਤ ਸਿੰਘ ਰਟੌਲ, ਨਛੱਤਰ ਸਿੰਘ ਖੇੜੀ, ਚਮਕੀਲਾ ਸਿੰਘ ਗੰਡੇਵਾਲ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।