- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੰਗੂ ਨੇ ਇਸ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਵਰਕਰਾਂ ਤੇ ਆਮ ਲੋਕਾਂ ਨੂੰ ਸੱਦਾ ਦਿੰਦਾ ਇੱਕ ਪੋਸਟ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ 'ਤੇ ਵੀ ਸਾਂਝਾ ਕੀਤਾ ਸੀ, ਪਰ ਸ਼ਨੀਵਾਰ ਨੂੰ ਜਦੋਂ ਇਹ ਰੋਸ ਪ੍ਰਦਰਸ਼ਨ ਸ਼ੁਰੂ ਹੋਇਆ ਤਾਂ ਉੱਥੇ ਮੌਜੂਦ ਸਾਰੇ ਲੋਕ ਤੇ ਪਾਰਟੀ ਵਰਕਰ ਉਸ ਵੇਲੇ ਹੈਰਾਨ ਰਹਿ ਗਏ ਜਦੋਂ ਖੁਦ ਜ਼ਿਲ੍ਹਾ ਪ੍ਰਧਾਨ ਹੀ ਗ਼ੈਰ-ਹਾਜ਼ਰ ਮਿਲੇ ਜਿਸ ਆਗੂ ਨੇ ਇਸ ਪ੍ਰਦਰਸ਼ਨ ਦੀ ਕਮਾਨ ਸੰਭਾਲਣੀ ਸੀ, ਉਹ ਖੁਦ ਇਸ ਰੋਸ ਮੁਜ਼ਾਹਰੇ 'ਚੋਂ ਗਾਇਬ ਰਹੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਵੱਲੋਂ ਕੀਤੀ ਜਾਣੀ ਸੀ। ਭੰਗੂ ਨੇ ਇਸ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਵਰਕਰਾਂ ਤੇ ਆਮ ਲੋਕਾਂ ਨੂੰ ਸੱਦਾ ਦਿੰਦੀ ਇਕ ਪੋਸਟ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ 'ਤੇ ਵੀ ਸਾਂਝੀ ਕੀਤੀ ਸੀ, ਪਰ ਸ਼ਨੀਵਾਰ ਨੂੰ ਜਦੋਂ ਇਹ ਰੋਸ ਪ੍ਰਦਰਸ਼ਨ ਸ਼ੁਰੂ ਹੋਇਆ ਤਾਂ ਉੱਥੇ ਮੌਜੂਦ ਸਾਰੇ ਲੋਕ ਤੇ ਪਾਰਟੀ ਵਰਕਰ ਉਸ ਵੇਲੇ ਹੈਰਾਨ ਰਹਿ ਗਏ ਜਦੋਂ ਖੁਦ ਜ਼ਿਲ੍ਹਾ ਪ੍ਰਧਾਨ ਹੀ ਗ਼ੈਰ-ਹਾਜ਼ਰ ਮਿਲੇ।
ਹੈਰਾਨੀ ਦੀ ਗੱਲ ਇਹ ਰਹੀ ਕਿ ਪਰਮਿੰਦਰ ਸਿੰਘ ਭੰਗੂ ਨੇ ਆਪਣੇ ਸੋਸ਼ਲ ਮੀਡੀਆ ਪੇਜਾਂ ਤੋਂ ਉਸ ਸੱਦਾ ਪੱਤਰ ਵਾਲੀ ਪੋਸਟ ਨੂੰ ਵੀ ਹਟਾ ਦਿੱਤਾ, ਜੋ ਉਨ੍ਹਾਂ ਖੁਦ ਸ਼ੇਅਰ ਕੀਤੀ ਸੀ। ਜ਼ਿਲ੍ਹਾ ਪ੍ਰਧਾਨ ਦੀ ਇਸ ਹਰਕਤ ਤੋਂ ਬਾਅਦ ਬਰਨਾਲਾ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। "ਸਭ ਅੱਛਾ ਨਹੀਂ ਹੈ": ਸਿਆਸੀ ਮਾਹਰਾਂ ਤੇ ਵਿਰੋਧੀਆਂ ਮੁਤਾਬਕ, ਇਸ ਘਟਨਾ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਇਕਾਈ 'ਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਪਾਰਟੀ ਦੇ ਅੰਦਰੂਨੀ ਕਲੇਸ਼ ਜਾਂ ਕਿਸੇ ਵੱਡੇ ਸਿਆਸੀ ਦਬਾਅ/ਸਮਝੌਤੇ ਵੱਲ ਇਹ ਇਸ਼ਾਰਾ ਕਰ ਰਿਹਾ ਹੈ।
ਇਸ ਘਟਨਾ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਨਵੀਂ ਬਹਿਸ ਛਿੜ ਗਈ ਹੈ। ਲੋਕਾਂ ਤੇ ਸਿਆਸੀ ਵਿਰੋਧੀਆਂ ਵੱਲੋਂ ਭੰਗੂ ਦੇ ਪੁਰਾਣੇ ਸੱਦਾ ਪੱਤਰ ਦੇ ਸਕ੍ਰੀਨਸ਼ਾਟ ਤੇ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਦੀਆਂ ਵੀਡੀਓਜ਼ ਤੇਜ਼ੀ ਨਾਲ ਵਾਇਰਲ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਇਸ ਮਾਮਲੇ 'ਤੇ ਪਰਮਿੰਦਰ ਸਿੰਘ ਭੰਗੂ ਜਾਂ ਆਮ ਆਦਮੀ ਪਾਰਟੀ ਦੇ ਕਿਸੇ ਉੱਚ ਆਗੂ ਵੱਲੋਂ ਕੋਈ ਅਧਿਕਾਰਤ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ, ਪਰ ਇਸ ਘਟਨਾ ਨੇ 'ਆਪ' ਦੀ ਸਥਾਨਕ ਲੀਡਰਸ਼ਿਪ ਨੂੰ ਸਵਾਲਾਂ ਦੇ ਘੇਰੇ 'ਚ ਜ਼ਰੂਰ ਖੜ੍ਹਾ ਕਰ ਦਿੱਤਾ ਹੈ।