ਕਾਹਨੇਕੇ ਦਾ ਅਗਨੀਵੀਰ ਜਵਾਨ ਦੇਸ਼ ਲਈ ਸ਼ਹੀਦ: ਆਜ਼ਾਦੀ ਦਿਹਾੜੇ ਵਾਲੇ ਦਿਨ ਹੋਵੇਗਾ ਸਸਕਾਰ, ਇਲਾਕੇ ’ਚ ਸੋਗ ਦੀ ਲਹਿਰ
ਇਸ ਦੁਖਦਾਈ ਖ਼ਬਰ ਦੇ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਫ਼ੌਜੀ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਜਵਾਨ ਦਾ ਅੰਤਿਮ ਸੰਸਕਾਰ ਕੱਲ੍ਹ 15 ਅਗਸਤ ਦਿਨ ਸ਼ਨੀਵਾਰ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਕਾਹਨੇਕੇ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
Publish Date: Fri, 14 Aug 2026 03:54 PM (IST)
Updated Date: Fri, 14 Aug 2026 03:58 PM (IST)
ਮੁਖਤਿਆਰ ਸਿੰਘ, ਪੰਜਾਬੀ ਜਾਗਰਣ, ਪੱਖੋ ਕਲਾਂ। ਨੇੜਲੇ ਪਿੰਡ ਕਾਹਨੇਕੇ ਦੇ ਇੱਕ ਅਗਨੀਵੀਰ ਜਵਾਨ ਦੀ ਫ਼ੌਜ ’ਚ ਡਿਊਟੀ ਦੌਰਾਨ ਸ਼ਹੀਦ ਹੋ ਜਾਣ ਦੀ ਅਤਿ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਕਾਹਨੇਕੇ, ਜੋ ਲਗਪਗ 4 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ, ਇਸ ਸਮੇਂ ਫ਼ਿਰੋਜ਼ਪੁਰ ਵਿਖੇ ਆਪਣੀ ਡਿਊਟੀ ’ਤੇ ਤਾਇਨਾਤ ਸੀ। ਅੱਜ ਫ਼ੌਜ ਦੇ ਉੱਚ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਉਸ ਦੀ ਸ਼ਹੀਦੀ ਦੀ ਅਧਿਕਾਰਤ ਸੂਚਨਾ ਦਿੱਤੀ ਗਈ।
ਇਸ ਦੁਖਦਾਈ ਖ਼ਬਰ ਦੇ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਫ਼ੌਜੀ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਜਵਾਨ ਦਾ ਅੰਤਿਮ ਸੰਸਕਾਰ ਕੱਲ੍ਹ 15 ਅਗਸਤ ਦਿਨ ਸ਼ਨੀਵਾਰ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਕਾਹਨੇਕੇ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਸ਼ਹੀਦ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ’ਚ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉਗੋਕੇ, ਸ਼੍ਰੋਮਣੀ ਅਕਾਲੀ ਦਲ ਭਦੌੜ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਕਾਂਗਰਸ ਦੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ, ਬਰਨਾਲਾ ਤੋਂ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਅਤੇ ਮਹਾਂ ਕਾਂਵੜ ਸੰਘ ਪੰਜਾਬ ਦੇ ਪ੍ਰਧਾਨ ਤਰਲੋਚਨ ਬਾਂਸਲ ਆਦਿ ਖੇਤਰ ਦੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।