- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀਆਂ ਨੇ ਦੂਸਰੇ ਦਿਨ ਵੀ ਲਗਾਏ ਮੁੱਖ ਮੰਤਰੀ ਖਿਲਾਫ਼ ਫਲੈਕਸ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਫਲੈਕਸ ਤੇ ਪੋਸਟਰ ਲਗਾਉਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਸਿਆਸੀ ਪਾਰਾ ਲਗਾਤਾਰ ਗਰਮਾਇਆ ਹੋਇਆ ਹੈ। ਬਰਨਾਲਾ ’ਚ ਦੂਸਰੇ ਦਿਨ ਵੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਵੱਖ-ਵੱਖ ਧਾਵਾਂ ’ਤੇ ਫਲੈਕਸ ਬੋਰਡ ਲਗਾ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ, ਪੰਜਾਬ ਦੇ ਮੀਤ ਪ੍ਰਧਾਨ ਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਤੇ ਬੇਅੰਤ ਸਿੰਘ ਬਾਠ ਆਦਿ ਨੇ ਦੱਸਿਆ ਕਿ ਬਰਨਾਲਾ ਅੰਦਰ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਇਹ ਦੂਸਰੇ ਦਿਨ ਵੀ ਫਲੈਕਸ ਬੋਰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਪ੍ਰਤੀ ਅਪਣਾਏ ਆਪਣੇ ਰਵੱਈਏ ਦੇ ਵਿਰੋਧ ਵਜੋਂ ਇਹ ਫਲੈਕਸ ਬੋਰਡ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਪੱਤੀ ਬਰਨਾਲਾ ਵਿਖੇ ਸਮੂਹ ਸਿੱਖ ਸੰਗਤ ਵੱਲੋਂ ਭਗਵੰਤ ਮਾਨ ਦੇ ਵਿਰੋਧ ’ਚ ਪੋਸਟਰ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ ਹੈ। ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਮੁੱਚੇ ਪੰਜਾਬ ’ਚ ਸਿੱਖ ਸੰਗਤ ਦੇ ਮਨਾਂ ’ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਸੰਗਤ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ’ਤੇ ਗੁਰੂ ਘਰ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ। ਸੰਗਤ ਨੇ ਮੰਗ ਕੀਤੀ ਕਿ ਪੰਜਾਬ ਦੀ ਅਗਵਾਈ ਕਰਨ ਵਾਲਾ ਹਰ ਵਿਅਕਤੀ ਗੁਰੂ ਸਾਹਿਬਾਨ, ਸਿੱਖ ਸਿਧਾਤਾਂ ਤੇ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਾਤਿਕਾਰ ਕੀਤਾ ਜਾਵੇ।
ਦੂਸਰੇ ਪਾਸੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਮੁਫ਼ਤ ਬਿਜਲੀ, ਰੁਜ਼ਗਾਰ, ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ ਤੇ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ’ਤੇ ਤੁਲੀ ਹੋਈ ਹੈ, ਜਿਸ ਕਾਰਨ ਵਿਰੋਧੀ ਧਿਰ ਬੁਖਲਾਹਟ ’ਚ ਆ ਕੇ ਅਜਿਹੇ ਸਿਆਸੀ ਹੱਥਕੰਡੇ ਵਰਤ ਰਹੀ ਹੈ।