ਆਂਗਣਵਾੜੀ ਮੁਲਾਜ਼ਮਾਂ ਦਾ ਗੁੱਸਾ ਫੁੱਟਿਆ, DC ਦਫ਼ਤਰ ਅੱਗੇ ਦਿੱਤਾ ਧਰਨਾ; ਬੱਚਿਆਂ ਲਈ ਗਰਮ ਤੇ ਪੌਸ਼ਟਿਕ ਭੋਜਨ ਦੀ ਮੰਗ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਵਿਭਾਗ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ।
Publish Date: Fri, 23 Oct 2026 01:44 PM (IST)
Updated Date: Fri, 23 Oct 2026 01:45 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਵਿਭਾਗ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ, ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਤੇ ਬਲਜੀਤ ਕੌਰ ਸੇਖਾ ਨੇ ਕਿਹਾ ਕਿ ਪੋਸ਼ਣ ਟਰੈਕ ਐਪ ’ਤੇ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਤੇ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਨੂੰ ਗਰਮ ਪੱਕਿਆ ਭੋਜਨ ਮੁਹੱਈਆ ਕਰਵਾਉਣ ਦਾ ਮਸਲਾ ਗੰਭੀਰਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਤਾਜ਼ਾ, ਗਰਮ ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਇਸ ਦੇ ਨਾਲ ਹੀ ਰਾਸ਼ਨ ਦੀ ਖ਼ਰੀਦ ਤੇ ਸਪਲਾਈ ਦੀ ਜ਼ਿੰਮੇਵਾਰੀ ਵੀ ਵਿਭਾਗ ਵੱਲੋਂ ਖ਼ੁਦ ਨਿਭਾਈ ਜਾਵੇ, ਤਾਂ ਜੋ ਬੱਚਿਆਂ ਨੂੰ ਸਮੇਂ ਸਿਰ ਮਿਆਰੀ ਭੋਜਨ ਮਿਲ ਸਕੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਤੇ ਪੋਸ਼ਣ ਨਾਲ ਜੁੜੇ ਮਸਲਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਰਮਜੀਤ ਕੌਰ ਭੱਦਲਵੱਡ, ਮਨਜੀਤ ਕੌਰ ਨੰਗਲ, ਰਜੇਸ਼ ਕੁਮਾਰੀ, ਰੂਹੀ ਬਾਂਸਲ, ਗੁਰਮੀਤ ਧੌਲਾ, ਸੁਰਿੰਦਰ ਰਾਏਸਰ, ਸਰਨਜੀਤ ਮੌੜ, ਉਰਸਾ ਰਾਣੀ ਅਤੇ ਸੁਖਪਾਲ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।