ਸੰਤ ਲੌਗਪੁਰੀ ਸਕੂਲ ’ਚ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਸੰਤ ਲੌਗਪੁਰੀ ਬ੍ਰਿਲੀਐਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ
Publish Date: Sun, 15 Nov 2026 04:16 PM (IST)
Updated Date: Sun, 15 Nov 2026 04:18 PM (IST)
ਮੁਖਤਿਆਰ ਸਿੰਘ, ਪੰਜਾਬੀ ਜਾਗਰਣ, ਪੱਖੋ ਕਲਾਂ : ਸੰਤ ਲੌਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਪਤਵੰਤੇ ਸੱਜਣ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਸੰਤ ਬਾਬਾ ਚਰਨਪੁਰੀ, ਐੱਮ.ਡੀ. ਮੈਡਮ ਕਰਮਜੀਤ ਕੌਰ ਅਤੇ ਕਮੇਟੀ ਮੈਂਬਰਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੜ੍ਹਦਿਆਂ ਵਿਦਿਆਰਥੀਆਂ ਵੱਲੋਂ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀਤੀਆਂ ਮੱਲਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਪ੍ਰਾਇਮਰੀ ਅਤੇ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਵੱਲੋਂ ਇੱਕ ਤੋਂ ਵਧ ਕੇ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀ, ਮਨਮੋਹਕ ਨਾਟਕ, ਕਵਿਤਾਵਾਂ ਅਤੇ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਐੱਸ.ਐੱਚ.ਓ. ਰੂੜੇਕੇ ਕਲਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪੜ੍ਹਾਈ, ਖੇਡਾਂ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਮਿਹਨਤ ਕਰਨ ਤੇ ਜ਼ਿੰਦਗੀ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਜਗਮੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਮਾਨ, ਗੁਰਜੰਟ ਸਿੰਘ ਮਾਨ, ਬਲਦੇਵ ਸਿੰਘ ਸਿੱਧੂ, ਮਾਸਟਰ ਗਲੋਦਰ ਖਾਨ, ਸੁਖਦੇਵ ਸਿੰਘ ਸਿੱਧੂ, ਮਲਕੀਤ ਸਿੰਘ, ਕੋਆਰਡੀਨੇਟਰ ਨਰਿੰਦਰ ਕੌਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਦੀ ਸਮਾਪਤੀ ਕੀਤੀ ਗਈ।