ਆਸ਼ਾ ਵਰਕਰਾਂ ਦਾ ਆਰ-ਪਾਰ ਦੀ ਲੜਾਈ ਦਾ ਐਲਾਨ: DC ਬਰਨਾਲਾ ਨੂੰ ਸੌਂਪਿਆ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ ਘੇਰੇ ਜਾਣਗੇ CM ਤੇ ਮੰਤਰੀਆਂ ਦੇ ਘਰ
ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਮੰਗਾਂ ਅਤੇ ਕੱਟੇ ਗਏ ਇਨਸੈਂਟਿਵਾਂ ਦੀ ਤੁਰੰਤ ਬਹਾਲੀ ਲਈ ਆਸ਼ਾ ਵਰਕਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੰਘਰਸ਼ ਦਾ ਅਲਟੀਮੇਟਮ ਪੱਤਰ ਸੌਂਪਿਆ ਗਿਆ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਸੂਬਾ ਪੱਧਰੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Publish Date: Thu, 11 Jun 2026 12:03 PM (IST)
Updated Date: Thu, 11 Jun 2026 12:05 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਮੰਗਾਂ ਅਤੇ ਕੱਟੇ ਗਏ ਇਨਸੈਂਟਿਵਾਂ ਦੀ ਤੁਰੰਤ ਬਹਾਲੀ ਲਈ ਆਸ਼ਾ ਵਰਕਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੰਘਰਸ਼ ਦਾ ਅਲਟੀਮੇਟਮ ਪੱਤਰ ਸੌਂਪਿਆ ਗਿਆ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਸੂਬਾ ਪੱਧਰੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਯੂਨੀਅਨ ਬਰਨਾਲਾ ਦੀ ਪ੍ਰਧਾਨ ਪਵਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਨਾਲ ਲੰਬੇ ਸਮੇਂ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਭਰ ਦੇ ਕਰੀਬ 24 ਹਜ਼ਾਰ ਪਰਿਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਅਤੇ ਫੈਸਲੀਟੇਟਰ ਸਿਹਤ ਵਿਭਾਗ ਦੀ ਰੀੜ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ ਅਤੇ ਸਰਕਾਰ ਦੀਆਂ ਸਿਹਤ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੋਰੋਨਾ ਮਹਾਮਾਰੀ, ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਅਤੇ ਹੋਰ ਐਮਰਜੈਂਸੀ ਹਾਲਾਤਾਂ ਦੌਰਾਨ ਵੀ ਉਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਫਰੰਟਲਾਈਨ ‘ਤੇ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਗਿਆ।
ਯੂਨੀਅਨ ਨੇ ਅੱਗੇ ਦੱਸਿਆ ਕਿ 20 ਜੂਨ ਨੂੰ ਪਟਿਆਲਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੇ ਸ਼ਹਿਰ ’ਚ ਪੰਜਾਬ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ 27 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ’ਚ ਸੂਬਾ ਪੱਧਰੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਜੁਲਾਈ ਦੇ ਪਹਿਲੇ ਹਫ਼ਤੇ ’ਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਸ਼ਾ ਵਰਕਰ ਆਗੂਆਂ ਨੇ ਕਿਹਾ ਕਿ ਭਿਆਨਕ ਗਰਮੀ ਅਤੇ ਲੂ ਦੇ ਮੌਸਮ ’ਚ ਚੱਲਣ ਵਾਲੇ ਇਸ ਅੰਦੋਲਨ ਦੌਰਾਨ ਜੇਕਰ ਕਿਸੇ ਵੀ ਵਰਕਰ ਦਾ ਜਾਨੀ ਜਾਂ ਸਰੀਰਕ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਮੰਗਾਂ ਦਾ ਤੁਰੰਤ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਟਕਰਾਅ ਦੀ ਸਥਿਤੀ ਤੋਂ ਬਚਣ ਲਈ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਨਾਲ ਜਲਦ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕੀਤਾ ਜਾਵੇ। ਇਸ ਮੌਕੇ ਪਵਨਪ੍ਰੀਤ ਕੌਰ ਨਾਲ ਆਸ਼ਾ ਵਰਕਰ ਗੁਰਜੀਤ ਕੌਰ ਅਤੇ ਕਮਲਜੀਤ ਕੌਰ ਵੀ ਹਾਜ਼ਰ ਸਨ।