ਕਾਗਜ਼ ਰੱਦ ਕਰਨ ਦੇ ਵਿਰੋਧ ’ਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ
ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ’ਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ
Publish Date: Wed, 20 May 2026 04:06 PM (IST)
Updated Date: Wed, 20 May 2026 04:10 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਕਈ ਹੋਰ ਵਾਰਡਾਂ ਦੇ ਉਮੀਦਵਾਰਾਂ ਦੇ ਚੋਣ ਅਧਿਕਾਰੀ ਵਲੋਂ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ’ਚ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਵਪਾਰ ਮੰਡਲ ਵੱਲੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ ਬਰਨਾਲਾ ਬੰਦ ਦੇ ਸੱਦੇ ਨੂੰ ਵਧੀਆ ਹੁੰਗਾਰਾ ਮਿਲਿਆ ਹੈ। ਸ਼ਹਿਰ ਦੇ ਸਦਰ ਬਾਜ਼ਾਰ ਸਮੇਤ ਹੋਰਾਂ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਅਤੇ ਬਰਨਾਲਾ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੇਲਵੇ ਸਟੇਸ਼ਨ ਦੇ ਨਜ਼ਦੀਕ ਧਰਨਾ ਵੀ ਦਿੱਤਾ ਜਾ ਰਿਹਾ ਹੈ। ਧਰਨੇ ’ਚ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਸਮੇਤ ਵੱਡੀ ਗਿਣਤੀ ’ਚ ਵਪਾਰੀ ਮੌਜੂਦ ਸਨ।