ਬਰਨਾਲਾ ਸਿਵਲ ਹਸਪਤਾਲ ਸਿਰਫ਼ 'ਰੈਫਰਲ ਸੈਂਟਰ' ਬਣਿਆ: ਵਿਧਾਇਕ ਕਾਲਾ ਢਿੱਲੋਂ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
ਬਰਨਾਲਾ ਦੇ ਸਿਵਲ ਹਸਪਤਾਲ ਦੀ ਤਰਸਯੋਗ ਹਾਲਤ ਦਾ ਮੁੱਦਾ ਇੱਕ ਵਾਰ ਫਿਰ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਦਾ ਮੁੱਦਾ ਉਠਾਉਂਦੇ ਹੋਏ ਸਰਕਾਰ ਤੋਂ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ।
Publish Date: Tue, 10 Mar 2026 04:44 PM (IST)
Updated Date: Tue, 10 Mar 2026 04:46 PM (IST)

ਬਰਨਾਲਾ: ਬਰਨਾਲਾ ਦੇ ਸਿਵਲ ਹਸਪਤਾਲ ਦੀ ਤਰਸਯੋਗ ਹਾਲਤ ਦਾ ਮੁੱਦਾ ਇੱਕ ਵਾਰ ਫਿਰ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਦਾ ਮੁੱਦਾ ਉਠਾਉਂਦੇ ਹੋਏ ਸਰਕਾਰ ਤੋਂ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ।
ਵਿਧਾਨ ਸਭਾ ਵਿੱਚ ਬੋਲਦਿਆਂ ਵਿਧਾਇਕ ਢਿੱਲੋਂ ਨੇ ਕਿਹਾ ਕਿ ਬਰਨਾਲਾ ਦਾ ਹਸਪਤਾਲ ਹੁਣ ਮਹਿਜ਼ ਇੱਕ “ਰੈਫਰਲ ਸੈਂਟਰ” ਬਣ ਕੇ ਰਹਿ ਗਿਆ ਹੈ, ਜਿੱਥੇ ਮਾਮੂਲੀ ਬਿਮਾਰੀਆਂ ਜਾਂ ਸੱਟਾਂ ਵਾਲੇ ਮਰੀਜ਼ਾਂ ਨੂੰ ਵੀ ਤੁਰੰਤ ਫਰੀਦਕੋਟ ਜਾਂ ਪਟਿਆਲਾ ਰੈਫਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਈ.ਐਮ.ਓ. (EMO) ਦੀਆਂ ਅਸਾਮੀਆਂ ਵੀ ਵੱਡੇ ਪੱਧਰ 'ਤੇ ਖਾਲੀ ਪਈਆਂ ਹਨ।
ਬੰਦ ਪਈ ਬੱਚਾ ਨਰਸਰੀ ਅਤੇ ਬਲੱਡ ਬੈਂਕ 'ਤੇ ਘੇਰੀ ਸਰਕਾਰ
ਵਿਧਾਇਕ ਢਿੱਲੋਂ ਨੇ ਜੱਚਾ-ਬੱਚਾ ਕੇਂਦਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੰਦ ਪਈ ਬੱਚਾ ਨਰਸਰੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲੇ ਸੈਸ਼ਨ ਵਿੱਚ ਵੀ ਇਹ ਮਾਮਲਾ ਉਠਾਇਆ ਸੀ, ਪਰ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਹੀ 'ਸਿਹਤ ਕ੍ਰਾਂਤੀ' ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਕੁਝ ਹੋਰ ਹੈ।
ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਬਰਨਾਲਾ ਦਾ ਬਲੱਡ ਬੈਂਕ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਹੋਰ ਪੀ.ਐਚ.ਸੀ., ਸੀ.ਐਚ.ਸੀ. ਅਤੇ ਆਮ ਆਦਮੀ ਕਲੀਨਿਕਾਂ ਦੀ ਮਾੜੀ ਹਾਲਤ ਦਾ ਵੀ ਜ਼ਿਕਰ ਕੀਤਾ।
ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਮੰਗ
ਵਿਧਾਇਕ ਕਾਲਾ ਢਿੱਲੋਂ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਮਨਜ਼ੂਰ ਕੀਤੇ ਗਏ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਮੁੱਦਾ ਮੁੜ ਉਠਾਉਂਦੇ ਹੋਏ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਇਹ ਹਸਪਤਾਲ ਜਲਦੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਮੌਜੂਦਾ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਬਰਨਾਲਾ ਦੇ ਸੱਤਾਧਾਰੀ ਆਗੂਆਂ ਨੇ ਸਿਹਤ ਸੰਸਥਾਵਾਂ ਦੀ ਹਾਲਤ ਸੁਧਾਰਨ ਲਈ ਕੋਈ ਠੋਸ ਕਦਮ ਕਿਉਂ ਨਹੀਂ ਚੁੱਕਿਆ।
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਦੇ ਬਰਨਾਲਾ ਦੌਰੇ ਦੌਰਾਨ ਪੱਤਰਕਾਰਾਂ ਨੇ ਵੀ ਬੱਚਾ ਨਰਸਰੀ ਦਾ ਮੁੱਦਾ ਉਠਾਇਆ ਸੀ, ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਵਿਧਾਇਕ ਢਿੱਲੋਂ ਨੇ ਫ਼ੋਨ 'ਤੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਮੁੱਦਿਆਂ ਦੇ ਹੱਲ ਤੱਕ ਲਗਾਤਾਰ ਯਤਨ ਜਾਰੀ ਰੱਖਣਗੇ।