
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਬੰਦ ਸਿੱਖਾਂ ਦੀ ਰਿਹਾਈ, ਪੈਰੋਲ ਦੇ ਅਧਿਕਾਰ ਅਤੇ 15 ਅਗਸਤ ਨੂੰ ਸ਼ਾਂਤਮਈ ਰੋਸ ਮਾਰਚ ਦੌਰਾਨ ਸੰਗਤ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਬੰਦ ਸਿੱਖਾਂ ਦੀ ਰਿਹਾਈ, ਪੈਰੋਲ ਦੇ ਅਧਿਕਾਰ ਅਤੇ 15 ਅਗਸਤ ਨੂੰ ਸ਼ਾਂਤਮਈ ਰੋਸ ਮਾਰਚ ਦੌਰਾਨ ਸੰਗਤ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ।
ਜਿਸ ਤਹਿਤ ਅੱਜ ਬਰਨਾਲਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਇੱਕਾ ਦੁੱਕਾ ਮੈਡੀਕਲ ਦੁਕਾਨਾਂ ਸਿਰਫ ਖੁੱਲ੍ਹੀਆਂ। ਬਰਨਾਲਾ ਬੱਸ ਸਟੈਂਡ ਵਿੱਚ ਅੱਜ ਨਿੱਜੀ ਟਰਾਂਸਪੋਰਟਰਾਂ ਦੀਆਂ ਬੱਸਾਂ ਕਿਸੇ ਵੀ ਰੂਟ 'ਤੇ ਰਵਾਨਾ ਨਹੀਂ ਹੋਈਆਂ ਜਦ ਕਿ ਸਰਕਾਰੀ ਬੱਸਾਂ ਸਵੇਰੇ ਕਰੀਬ 9 ਵਜੇ ਤੱਕ ਸਿਰਫ ਬੱਸ ਅੱਡੇ ਬਰਨਾਲੇ ਤੋਂ ਲੁਧਿਆਣਾ, ਜਲੰਧਰ, ਪਟਿਆਲਾ, ਮਾਨਸਾ ਲਈ ਰਵਾਨਾ ਹੋਈਆਂ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ 83 ਸਾਲਾ ਬਜ਼ੁਰਗ ਮਾਂ ਦੀ ਗੰਭੀਰ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਮਿਲਣ ਅਤੇ ਉਸ ਨੂੰ ਗਲ਼ੇ ਲਗਾਉਣ ਲਈ ਆਖਰੀ ਸਮੇਂ ਇੰਤਜ਼ਾਰ ਕਰ ਰਹੀ ਹੈ। ਮੋਰਚੇ ਨੇ ਇਸ ਨੂੰ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਮੁੱਦਾ ਦੱਸਿਆ।
ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਇਹ ਬੰਦ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਸਕੂਲ, ਕਾਲਜ, ਬਾਜ਼ਾਰ, ਵਪਾਰਕ ਅਦਾਰੇ ਅਤੇ ਹਾਈਵੇਅ ‘ਤੇ ਆਮ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ, ਜਦਕਿ ਐਂਬੂਲੈਂਸ, ਹਸਪਤਾਲ ਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ।
ਮੋਰਚੇ ਨੇ ਪੰਜਾਬ ਦੇ ਵਪਾਰ ਮੰਡਲਾਂ, ਟਰਾਂਸਪੋਰਟ ਯੂਨੀਅਨਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਤ-ਪਾਤ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਦੁਪਹਿਰ 2 ਵਜੇ ਤੱਕ ਆਪਣੇ ਕੰਮਕਾਜ ਅਤੇ ਵਾਹਨ ਬੰਦ ਰੱਖ ਕੇ ਇਸ ਸੰਘਰਸ਼ ਦਾ ਸਮਰਥਨ ਕੀਤਾ ਹੈ। ਗੌਰ ਹੋਵੇ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਦੇ ਰਾਜਪਾਲ ਨੂੰ ਲਿਖਤੀ ਰੂਪ ਵਿੱਚ ਮੰਗ ਰੱਖੀ ਸੀ। ਜ਼ਿਕਰ ਯੋਗ ਹੈ ਕਿ ਕੌਮੀ ਇਨਸਾਫ ਮੋਰਚੇ ਦੇ ਬੰਦੀ ਸਿੰਘਾਂ ਲਈ ਇਸ ਬੰਦ ਦੀ ਕਾਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸਮਰਥਨ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਬੰਦ ਕਾਲ ਦਾ ਸਮਰਥਨ ਦਿੱਤਾ ਗਿਆ ਹੈ।